ਦਿੱਲੀ ਨਿਜ਼ਾਮੂਦੀਨ ਮਰਕਜ਼ ਤੋਂ ਪਰਤੇ ਵਿਅਕਤੀਆਂ ਵਿੱਚੋਂ 3 ਆਏ ਕੋਰੋਨਾ ਪਾਜ਼ਿਟੀਵ…! ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਥਿਤੀ ਸੰਭਾਲ ਲਈ ਗਈ: ਡਿਪਟੀ ਕਮਿਸ਼ਨਰ

0
1216

ਮਾਨਸਾ, 03 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਨਿਜ਼ਾਮੂਦੀਨ ਮਰਕਜ਼ ਤੋਂ ਪਰਤੇ 10 ਮੁਸਲਿਮ ਵਿਅਕਤੀਆਂ ਵਿੱਚੋਂ 3 ਵਿਅਕਤੀਆਂ ਨੂੰ ਕੋਰੋਨਾ ਪਾਜ਼ਿਟੀਵ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਪਹਿਲਾਂ ਹੀ ਬੁਢਲਾਡਾ ਮਸਜਿਦ ਵਿਖੇ ਇਕਾਂਤਵਾਸ ਵਿੱਚ ਰੱਖ ਦਿੱਤਾ ਗਿਆ ਸੀ ਅਤੇ ਨਮੂਨੇ ਜਾਂਚ ਲਈ ਭੇਜੇ ਗਏ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਅੱਜ ਪ੍ਰਾਪਤ ਰਿਪੋਰਟ ਅਨੁਸਾਰ ਉਨ੍ਹਾਂ ਵਿੱਚੋਂ 3 ਵਿਅਕਤੀ ਕੋਰੋਨਾ ਪਾਜ਼ਿਟੀਵ ਪਾਏ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਲਈ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਦੇ 6 ਵਿਅਕਤੀਆਂ, ਜੋ ਕਿ ਨੈਗਟਿਵ ਪਾਏ ਗਏ ਹਨ, ਨੂੰ ਵੀ ਬੁਢਲਾਡਾ ਆਈ.ਟੀ.ਆਈ. ਵਿਖੇ ਅਹਿਤਿਆਤ ਦੇ ਤੌਰ ‘ਤੇ ਇਕਾਂਤਵਾਸ ਲਈ ਭੇਜ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾ ਦੀ ਘਬਰਾਹਟ ਵਾਲੀ ਗੱਲ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ ਅਤੇ ਪਾਜਿਟੀਵ ਵਿਅਕਤੀਆਂ ਨੂੰ ਇਲਾਜ ਲਈ ਅਤੇ ਸ਼ੱਕੀ ਵਿਅਕਤੀਆਂ ਨੂੰ ਇਕਾਂਤਵਾਸ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਹੀ ਰਹਿਣ ਤਾਂ ਜੋ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜ ਕੇ ਇਸਦੇ ਪ੍ਰਭਾਵ ਨੂੰ ਮੁਕੰਮਲ ਰੂਪ ਵਿੱਚ ਖ਼ਤਮ ਕੀਤਾ ਜਾ ਸਕੇ।

NO COMMENTS