ਬੋਹਾ 9ਦਸੰਬਰ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )-ਅਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੌਜੂਦਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਬੋਹਾ ਵਿਖੇ ਇਕ ਜਨਸਭਾ ਕੀਤੀ ।ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਰਾਜ ਕਰ ਰਹੀ ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਮਰੱਥ ਸਾਬਤ ਹੋਈ ਹੈ ਜਿਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ ਘਰ ਘਰ ਨੌਕਰੀ ਕਿਸਾਨਾਂ ਦੇ ਕਰਜ਼ੇ ਮੁਆਫ, ਗ਼ਰੀਬਾਂ ਲਈ ਮੁਫ਼ਤ ਆਟਾ ਦਾਲ ਚੀਨੀ’ ਨੌਜਵਾਨਾਂ ਲਈ ਸਮਾਰਟਫ਼ੋਨ ਵਰਗੇ ਲੋਕ ਲੁਭਾਵਣੇ ਵਾਅਦੇ ਕੀਤੇ ਸਨ ਪਰ ਕਾਂਗਰਸ ਪਾਰਟੀ ਦਾ ਕਾਰਜਕਾਲ ਲਗਪਗ ਪੂਰਾ ਹੋਣ ਕਿਨਾਰੇ ਹੈ ਉਪਰੋਕਤ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ।ਵਿਧਾਇਕ ਬੁੱਧ ਰਾਮ ਨੇ ਆਖਿਆ ਕਿ 2022 ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਜਿਸ ਉਪਰੰਤ ਜਿਥੇ ਹਰ ਮਹਿਲਾ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਿਆ ਦਿੱਤਾ ਜਾਵੇਗਾ ਉੱਥੇ ਛੇ ਸੌ ਬਿਜਲੀ ਯੂਨਿਟ ਮੁਆਫ਼ ,ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਤੋਂ ਇਲਾਵਾ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵੱਡੇ ਕਾਲਜ ਅਤੇ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣਗੀਆਂ।ਉਨ੍ਹਾਂ ਅਕਾਲੀ ਦਲ ਸਬੰਧੀ ਬੋਲਦਿਆਂ ਆਖਿਆ ਕਿ ਅਕਾਲੀ ਦਲ ਦਾ ਪੰਜਾਬ ਅੰਦਰ ਹੁਣ ਕੋਈ ਵਜੂਦ ਨਹੀਂ ਹੈ ਕਿਉਂਕਿ ਇਹ ਪਾਰਟੀ ਸਿਰਫ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਸੱਤਾ ਵਿੱਚ ਨਹੀਂ ਲਿਆਉਣਗੇ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਫੌਜੀ ਨੇ ਪ੍ਰਿੰਸੀਪਲ ਬੁੱਧਰਾਮ ਨੂੰ ਯਕੀਨ ਦਿਵਾਇਆ ਕਿ ਉਹ ਬੋਹਾ ਖੇਤਰ ਵਿੱਚੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਸਿਰਜੋੜ ਯਤਨ ਕਰਨਗੇ।ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਮਹਿਲਾਵਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ।