ਦਿੱਲੀ ਵਿਖੇ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ 40 ਵਕੀਲਾਂ ਦੀ ਟੀਮ ਗਠਿਤ

0
26

ਚੰਡੀਗੜ/ਨਵੀਂ ਦਿੱਲੀ, 01 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ): ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪ੍ਰੇਡ ਦੌਰਾਨ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਮੀਟਿੰਗ ਉਪਰੰਤ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ ਅਤੇ ਵਿਅਕਤੀਆਂ ਦੇ ਕੇਸ ਲੜਨ ਲਈ 40 ਵਕੀਲਾਂ ਦੀ ਟੀਮ ਬਣਾਈ ਗਈ ਹੈ, ਜਿਸ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਵਕੀਲਾਂ ਦੀ ਇਹ ਟੀਮ ਗਿ੍ਰਫ਼ਤਾਰ ਨੌਜਵਾਨਾਂ ਅਤੇ ਉਨਾਂ ਦੇ ਮਾਪਿਆਂ ਨਾਲ ਰਾਬਤਾ ਕਰਕੇ ਵਕਾਲਤ ਨਾਮੇ ਸਾਇਨ ਕਰਵਾਏਗੀ ਅਤੇ ਕੇਸਾਂ ਦੀ ਬਿਨਾਂ ਕਿਸੇ ਫ਼ੀਸ ਦੇ ਕਾਨੂੰਨੀ ਪੈਰਵਾਈ ਕਰੇਗੀ।ਉਨਾਂ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਮੀਟਿੰਗ ਦੌਰਾਨ ਗਿ੍ਰਫ਼ਤਾਰ ਵਿਅਕਤੀਆਂ ਪ੍ਰਤੀ ਨਰਮ ਵਤੀਰਾ ਅਪਨਾਉਣ ਦੀ ਅਪੀਲ ਕੀਤੀ ਗਈ। ਮੰਤਰੀਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਲਾਪਤਾ ਹੋਏ ਨੌਜਵਾਨਾਂ ਅਤੇ ਹੋਰ ਵਿਅਕਤੀਆਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਲਈ ਸਮਾਂ ਲਿਆ ਗਿਆ।ਜਿਸ ’ਤੇ ਅਜਿਹੇ ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ

ਸਬੰਧੀ ਅੱਜ ਇਹ ਮੀਟਿੰਗ ਕੀਤੀ ਗਈ।ਸ਼੍ਰੀ ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਗ੍ਰਹਿ ਮੰਤਰਾਲੇ ਵੱਲੋਂ ਵੈੱਬਸਾਇਟ ’ਤੇ ਪਾ ਦਿੱਤੀ ਗਈ ਹੈ।ਇਸ ਇਲਾਵਾ ਜੇਕਰ ਪੰਜਾਬ ਸਰਕਾਰ ਵੱਲੋਂ ਵਿਅਕਤੀਆਂ ਦੇ ਲਾਪਤਾ ਹੋਣ ਬਾਰੇ ਕੋਈ ਹੋਰ ਸੂਚੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਉਨਾਂ ਦਾ ਪਤਾ ਲਗਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ।ਸ਼੍ਰੀ ਰੰਧਾਵਾ ਨੇ ਦੱਸਿਆ ਕਿ ਸੰਵੇਦਨਸ਼ੀਲ ਮਸਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹਾਂ ਪੱਖੀ ਅਤੇ ਸੰਜੀਦਾ ਹੁੰਗਾਰਾ ਦਿੱਤਾ ਗਿਆ। ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਜਮੂਦ ਬਾਰੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਰੰਧਾਵਾ ਨੇ ਦੱਸਿਆ ਕਿ ਉਨਾਂ ਵੱਲੌਂ ਕਿਸਾਨ ਮੰਗਾਂ ਦੇ ਹੱਲ ਲਈ ਜਲਦ ਕਦਮ ਉਠਾਉਣ ’ਤੇ ਜੋਰ ਦਿੱਤਾ ਗਿਆ, ਜਿਸ ’ਤੇ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਕਿਸਾਨਾਂ ਦੀ ਟੈਲੀਫੋਨ ਕਾਲ ਦਾ ਇੰਤਜਾਰ ਕੀਤਾ ਜਾ ਰਿਹਾ ਹੈ।ਸ਼੍ਰੀ ਰੰਧਾਵਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਅਤੇ ਦਿੱਲੀ ਵਿਖੇ ਵਾਪਰੇ ਘਟਨਾ ਕ੍ਰਮ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਫਰਵਰੀ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ————-

NO COMMENTS