
ਚੰਡੀਗੜ੍ਹ, 30 ਜੂਨ (ਸਾਰਾ ਯਹਾਂ/ਹਿਤੇਸ਼ ਸ਼ਰਮਾ):
ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ‘ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ।
ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
