
ਬੁਢਲਾਡਾ/ਮਾਨਸਾ, 15 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ)
ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ਼ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਸ੍ਰ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾਨਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ, ਇੰਨ੍ਹਾਂ ਸ਼ੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁੰਤਤਰ ਸੰਗਰਾਮ ਵਿਚ ਮੂਹਰਲੀਆਂ ਸਫਾਂ ਵਿਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਵੀ ਸਨਮਾਨ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਸੋਹਣਾ ਸਿੰਘ ਕਲੀਪੁਰ ਚੇਅਰਮੇਨ ਸੈਂਟਰਲ ਕੋਆਪਰੇਟਿਵ ਬੈਂਕ, ਜਸਪਾਲ ਸਿੰਘ ਮੱਲ ਸਿੰਘ ਵਾਲਾ, ਬਲਦੇਵ ਸਿੰਘ ਅੱਕਾਂਵਾਲੀ ਮੌਜੂਦ ਸਨ।
