
ਚੰਡੀਗੜ੍ਹ, 14 ਅਕਤੂਬਰ: (ਸਾਰਾ ਯਹਾਂ/ਬਿਊਰੋ ਨਿਊਜ਼):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।
