ਚੰਡੀਗੜ੍ਹ, 27 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਹੀ ਮੁਲਜ਼ਮਾਂ ਦੇ ਕਬਜ਼ੇ ‘ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ।
ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
————