ਦੋ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

0
33

ਚੰਡੀਗੜ੍ਹ, 25 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੂਬੇ ਦੇ ਵੱਖੋ-ਵੱਖ ਪਿੰਡਾਂ ਨਾਲ ਸਬੰਧਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਬਣਦਾ ਸਨਮਾਨ ਦੇਣ ਅਤੇ ਉਨ੍ਹਾਂ ਦੀ ਯਾਦ ਸਦੀਵੀ ਬਣਾਈ ਰੱਖਣ ਲਈ ਸਿੱਖਿਆ ਵਿਭਾਗ ਨੇ 2 ਹੋਰ ਸਰਕਾਰੀ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਤੋਂ ਪਹਿਲਾਂ ਵੀ ਵੱਖ-ਵੱਖ ਜ਼ਿਲ੍ਹਿਆਂ ਦੇ 8 ਸਰਕਾਰੀ ਸਕੂਲਾਂ ਦਾ ਨਾਮ ਬਦਲ ਦੇ ਸ਼ਹੀਦਾਂ ਦੇ ਨਾਮ `ਤੇ ਰੱਖਿਆ ਜਾ ਚੁੱਕਾ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵੀਲ੍ਹਾ ਬੱਜੂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਨਾਇਕ ਕੁਲਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਜਾ ਰਿਹਾ ਹੈ। ਸ਼ਹੀਦ ਨਾਇਕ ਕੁਲਜਿੰਦਰ ਸਿੰਘ ਨੇ ਸ੍ਰੀਨਗਰ ਵਿਖੇ ਸਾਲ 2005 ਵਿੱਚ ਦੇਸ਼ ਦੀ ਰਾਖੀ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਟਰਾਂ ਵਿਖੇ ਸਰਕਾਰੀ ਮਿਡਲ ਸਕੂਲ ਦਾ ਨਾਮ ਸੁਤੰਤਰਤਾ ਸੈਨਾਨੀ ਸ. ਹਜ਼ੂਰਾ ਸਿੰਘ ਸਰਕਾਰੀ ਮਿਡਲ ਸਕੂਲ ਰੱਖਿਆ ਗਿਆ ਹੈ, ਜੋ ਸੇਵਾ ਸਿੰਘ ਠੀਕਰੀਵਾਲਾ ਦੀ ਅਗਵਾਈ ਹੇਠ ਚੱਲ ਰਹੀ ਪਰਜਾ ਮੰਡਲ ਲਹਿਰ ਦੇ ਪ੍ਰਮੁੱਖ ਆਗੂ ਸਨ। ਸ. ਹਜ਼ੂਰਾ ਸਿੰਘ ਨੇ ਕਿਸਾਨ ਸਭਾ ਦੀ ਵੀ ਅਗਵਾਈ ਕੀਤੀ ਅਤੇ ਦੋ ਵਾਰ, ਡੇਢ ਸਾਲ ਅਤੇ ਦੋ ਸਾਲ ਦੀ ਜੇਲ ਕੱਟੀ।
ਸ੍ਰੀ ਸਿੰਗਲਾ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ, ਪਿਛਲੀ ਸਰਕਾਰ ਦੀਆਂ ਜ਼ਿੰਮੇਵਾਰੀਆਂ ਨੂੰ ਵੀ ਪੂਰਾ ਕਰ ਰਹੀ ਹੈ ਕਿਉਂਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਕੁਸਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਬਦਲ ਕੇ ਪਿੰਡ ਦੇ ਕਾਰਗਿਲ ਯੁੱਧ ਦੇ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਸਿਰਫ਼ ਐਲਾਨ ਕੀਤਾ ਸੀ ਪਰ ਸਾਡੀ ਸਰਕਾਰ ਨੇ ਹਾਲ ਹੀ ਵਿੱਚ ਇਸ ਸਕੂਲ ਦਾ ਨਾਂ ਬਦਲਿਆ ਹੈ ਅਤੇ ਇਸ ਸਕੂਲ ਨੂੰ ਸ਼ਹੀਦ ਨਾਇਕ ਨਿਰਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਦਿੱਤਾ ਗਿਆ ਹੈ।”
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆਂ ਦੇ ਸੱਤ ਹੋਰ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਗਿਆ, ਜਿਨ੍ਹਾਂ ਵਿੱਚ ਪੰਜਾਬ ਦੇ ਚਾਰ ਬਹਾਦਰ ਸਪੂਤ ਸ਼ਾਮਲ ਹਨ, ਜਿਨ੍ਹਾਂ ਨੇ ਗਲਵਾਨ ਘਾਟੀ ਵਿਚ ਚੀਨੀ ਫ਼ੌਜ ਨਾਲ ਨਿਹੱਥੇ ਲੜਦਿਆਂ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ (ਸੰਗਰੂਰ), ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ, ਸੀਲ (ਪਟਿਆਲਾ), ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਮਿਡਲ ਸਕੂਲ, ਭੋਜਰਾਜ (ਗੁਰਦਾਸਪੁਰ) ਅਤੇ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ, ਬੀਰੇਵਾਲ ਡੋਗਰਾ (ਮਾਨਸਾ) ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਤਿੰਨ ਸਕੂਲ ਸ਼ਹੀਦ ਮਨਿੰਦਰ ਸਿੰਘ ਅੱਤਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀਨਾਨਗਰ (ਗੁਰਦਾਸਪੁਰ), ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ (ਮੋਗਾ) ਅਤੇ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਹਾਈ ਸਕੂਲ, ਗੰਡੀਵਿੰਡ ਧੱਤਲ (ਤਰਨ ਤਾਰਨ) ਸ਼ਾਮਲ ਹਨ।—————

NO COMMENTS