ਚੰਡੀਗੜ੍ਹ 17,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ):: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕੱਚੇ ਅਧਿਆਪਕਾਂ ਅਤੇ ਈ.ਟੀ.ਟੀ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਦਾ ਸਮਰਥਨ ਕੀਤਾ ਗਿਆ ਹੈ। ਪਾਰਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ।
‘ਆਪ’ ਲੀਡਰਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਵੀ ਉਸੇ ਤਰ੍ਹਾਂ ਦੇ ਅਧਿਆਪਕਾਂ ‘ਤੇ ਜ਼ੁਲਮ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਹਨ। ਬਾਦਲ ਦੇ ਮੰਤਰੀਆਂ ਵੱਲੋਂ ਔਰਤਾਂ ਅਧਿਆਪਕਾਂ ਦੀਆਂ ਪੁੱਟੀਆਂ ਗੁੱਤਾਂ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਅੱਜ ਵੀ ਯਾਦ ਹਨ, ਜਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਕਰ ਗਏ ਹਨ।
ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਤੇ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 6 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਅਤੇ ਮੰਤਰੀ ਲੋਕਾਂ ਜਾਂ ਅਧਿਆਪਕਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਕੋਲ ਨਹੀਂ ਜਾਂਦੇ, ਸਗੋਂ ਆਪਣੀਆਂ ਕੁਰਸੀਆਂ ਤੇ ਪਰਿਵਾਰਾਂ ਦੀਆਂ ਨੌਕਰੀਆਂ ਲਈ ਜਾਂਦੇ ਹਨ।
‘ਆਪ’ ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਤੋਂ ਬਾਅਦ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਅਤੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਪੂਰੀ ਟੀਮ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ।