ਬਰੇਟਾ/ਮਾਨਸਾ, 25 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ): ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਨਗਰ ਕੌਂਸਲ ਬਰੇਟਾ ਵਿਖੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਨਗਰ ਕੌਂਸਲ ਵਿੱਚ ਵਾਰਡਾਂ ਦੇ ਮੁਕਾਬਲੇ ਸਫਾਈ ਕਰਮਚਾਰੀਆਂ ਦੀ ਗਿਣਤੀ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਸਾਫ-ਸਫਾਈ ਦਾ ਕੰਮ ਵੀ ਸੁਚਾਰੂ ਤਰੀਕੇ ਨਾਲ ਚੱਲ ਸਕੇ ਅਤੇ ਨਾਲ ਹੀ ਜ਼ਰੂਰਤਮੰਦਾਂ ਨੂੰ ਵੀ ਰੋਜ਼ਗਾਰ ਮਿਲ ਸਕੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ 13 ਵਾਰਡ ਹਨ ਅਤੇ ਸਫ਼ਾਈ ਸੇਵਕਾਂ ਦੀ ਗਿਣਤੀ ਕੁਝ ਘੱਟ ਹੈ ਜਿਸ ਨੂੰ ਪੂਰਾ ਕਰਨ ਲਈ ਪ੍ਰਤੀ ਵਾਰਡ 5 ਸਫਾਈ ਸੇਵਕ ਲਗਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਈ.ਓ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਜਿਹੜੇ ਸਫ਼ਾਈ ਕਰਮੀ ਦੀ ਮੌਤ ਤੋਂ ਬਾਅਦ ਵਾਰਸ ਨੂੰ ਨੌਕਰੀ ਦੇਣ ਸਬੰਧੀ ਕੇਸ ਬਕਾਇਆ ਹੈ ਉਸ ਸਬੰਧੀ ਦਸਤਾਵੇਜ਼ੀ ਕਾਰਵਾਈ ਕਰਕੇ ਕਮਿਸ਼ਨ ਨੂੰ ਭੇਜਿਆ ਜਾਵੇ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਇਸ ਸਬੰਧੀ ਦੋਵਾਂ ਧਿਰਾਂ ਦੇ ਪੱਖ ਵੀ ਸੁਣੇ।
ਇਸ ਮੌਕੇ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਲਈ ਠੇਕਾ ਪ੍ਰਣਾਲੀ ਸਰਾਪ ਵਾਂਗ ਹੈ, ਜਿਸ ਨੂੰ ਖ਼ਤਮ ਕਰਨ ਦੀ ਲੋੜ ਹੈ। ਉਨਾਂ ਇਹ ਵੀ ਕਿਹਾ ਕਿ ਸਫ਼ਾਈ ਸੇਵਕਾਂ ਤੋਂ ਕੋਈ ਵਾਧੂ ਕੰਮ ਨਾ ਲਿਆ ਜਾਵੇ। ਸ੍ਰੀ ਗੇਜਾ ਰਾਮ ਨੇ ਕਿਹਾ ਕਿ ਜਿਨਾਂ ਸਫ਼ਾਈ ਸੇਵਕਾਂ ਦੀ ਨੌਕਰੀ ਦੌਰਾਨ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਜਲਦੀ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਕਿਸੇ ਵੀ ਹਾਲਤ ਵਿਚ ਸਫਾਈ ਕਰਮਚਾਰੀਆਂ ਦਾ ਵਿੱਤੀ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਦੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਹੁਣ ਸਬ ਡਵੀਜ਼ਨ ਪੱਧਰ ‘ਤੇ ਮੀਟਿੰਗਾਂ ਕਰਕੇ ਸਫਾਈ ਕਰਮੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾ ਰਿਹਾ ਹੈ।
ਮੀਟਿੰਗ ਵਿੱਚ ਸ਼ਾਮਲ ਹੋਏ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਰਾਮ ਸਿੰਘ ਨੇ ਸਫ਼ਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉੇਨ੍ਹਾਂ ਨੂੰ ਕਦੇ ਵੀ ਜੇਕਰ ਕੋਈ ਲੋੜ ਪੈਂਦੀ ਹੈ ਤਾਂ ਉਹ ਸਫਾਈ ਕਰਮਚਾਰੀ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਗੁਰਜੀਤ ਸਿੰਘ ਚੌਹਾਨ ਤੋਂ ਇਲਾਵਾ ਈ.ਓ ਨਗਰ ਕੌਂਸਲ ਅਤੇ ਹੋਰ ਸਟਾਫ਼ ਹਾਜ਼ਰ ਸੀ।