ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਪਾਰਦਰਸ਼ੀ ਤੇ ਸੁਰੱਖਿਅਤਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ: ਮਹਿੰਦਰ ਪਾਲ

0
47

ਮਾਨਸਾ, 13 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ): : ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਫਰਵਰੀ ਨੂੰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਵਿਖੇ ਹੋਣ ਵਾਲੀਆਂ ਆਮ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਚੋਣਾਂ ਨੂੰ ਪੂਰੇ ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਪੱਧਰ ’ਤੇ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਅਤੇ ਸਮੂਹ ਪੋਲਿੰਗ ਸਟੇਸ਼ਨਾਂ/ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਅਤੇ ਵੋਟਰਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ 1 ਲੱਖ 25 ਹਜ਼ਾਰ 66 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਦੇ 27 ਵਾਰਡਾਂ ਲਈ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 117 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਦਕਿ ਬੁਢਲਾਡਾ ਨਗਰ ਕੌਂਸਲ ਦੇ 19 ਵਾਰਡਾਂ ਲਈ 78 ਉਮੀਦਵਾਰ, ਨਗਰ ਕੌਂਸਲ ਬਰੇਟਾ ਦੇ 13 ਵਾਰਡਾਂ ਲਈ 43 ਉਮੀਦਵਾਰ, ਨਗਰ ਪੰਚਾਇਤ ਜੋਗਾ ਦੇ 13 ਵਾਰਡਾਂ ਲਈ

28 ਉਮੀਦਵਾਰ ਅਤੇ ਨਗਰ ਪੰਚਾਇਤ ਬੋਹਾ ਦੇ 13 ਵਾਰਡਾਂ ਲਈ 39 ਉਮੀਦਵਾਰ ਚੋਣ ਮੈਦਾਨ ਵਿੱਚ ਹਨ।  ਉਨ੍ਹਾਂ ਦੱਸਿਆ ਕਿ ਵੋਟਾਂ ਅਤੇ ਗਿਣਤੀ ਸਬੰਧੀ ਸਮੁੱਚੇ ਚੋਣ ਕਾਰਜਾਂ ਨੂੰ ਸਫ਼ਲਤਾ ਨਾਲ ਨੇਪਰੇ ਚੜ੍ਹਾਉਣ ਲਈ ਰਿਜ਼ਰਵ ਸਟਾਫ਼ ਸਮੇਤ ਕਰੀਬ 1000 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਵਿਖੇ 60, ਬੁਢਲਾਡਾ ਵਿਖੇ 33 ਜਦਕਿ ਬੋਹਾ, ਜੋਗਾ ਤੇ ਬਰੇਟਾ ਵਿਖੇ 13-13 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 17 ਫਰਵਰੀ ਨੂੰ ਹੋਵੇਗੀ।  ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੇ ਚੋਣ ਅਮਲ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣਾਂ ਵਿੱਚ ਵਿਘਨ ਪਾਉਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।

NO COMMENTS