*ਨਗਰ ਨਿਗਮ ਚੋਣਾਂ ਨਾ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਦਾ ਫੁੱਟਿਆ ਗੁੱਸਾ, ਰਾਜ ਚੋਣ ਕਮਿਸ਼ਨਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ*

0
30

06 ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼)ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੋਣਾਂ ਨੂੰ ਲੈ ਕੇ ਹੋ ਰਹੀ ਦੇਰੀ ਨੂੰ ਲੈ ਕੇ ਕੋਰਟ ਨੇ ਰਾਜ ਚੋਣ ਕਮਿਸ਼ਨਰ ਤੇ ਪੰਜਾਬ ਸਰਕਾਰ..
 ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਸਬੰਧੀ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 10 ਦਿਨਾਂ ‘ਚ ਚੋਣਾਂ ਸਬੰਧੀ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਸਰਕਾਰ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਚੋਣਾਂ ਨੂੰ ਲੈ ਕੇ ਹਾਈ ਕੋਰਟ ਹੋਈ ਸਖਤ

ਹਾਈ ਕੋਰਟ ਨੇ 14 ਅਕਤੂਬਰ ਨੂੰ ਆਪਣੇ ਹੁਕਮਾਂ ਵਿੱਚ ਪੰਜਾਬ ਸਰਕਾਰ (Punjab Government) ਨੂੰ 15 ਦਿਨਾਂ ਦੇ ਅੰਦਰ ਪੰਜ ਨਗਰ ਨਿਗਮਾਂ ਅਤੇ 42 ਨਗਰ ਪਾਲਿਕਾਵਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਇਹ ਨੋਟੀਫਿਕੇਸ਼ਨ ਬਿਨਾਂ ਕਿਸੇ ਨਵੇਂ ਵਾਰਡਬੰਦੀ ਦੇ ਜਾਰੀ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ 15 ਦਿਨਾਂ ਦੀ ਸਮਾਂ ਸੀਮਾ 29 ਅਕਤੂਬਰ ਨੂੰ ਖਤਮ ਹੋ ਗਈ ਸੀ ਪਰ ਹੁਣ ਤੱਕ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।

ਮਾਣਹਾਨੀ ਦੀ ਪਟੀਸ਼ਨ ਦਾਇਰ

ਇਸ ਮਾਮਲੇ ‘ਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ‘ਚ ਪਟੀਸ਼ਨਰਾਂ ਨੇ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ‘ਚ ਹੋ ਰਹੀ ਦੇਰੀ ‘ਤੇ ਸਵਾਲ ਚੁੱਕੇ ਸਨ। ਪਟੀਸ਼ਨਰ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਚੋਣ ਪ੍ਰਕਿਰਿਆ ਸ਼ੁਰੂ ਨਾ ਕਰਨ ‘ਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰਨਾਂ ਵਿਰੁੱਧ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ।

ਕੋਰਟ ਨੇ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਜਾਰੀ ਕੀਤਾ ਨੋਟਿਸ

ਅੱਜ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਹੁਕਮਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਸਰਕਾਰ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

NO COMMENTS