Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਰਾਹੀਂ ਸੱਤਾ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਹੁਸ਼ਿਆਰਪੁਰ ‘ਚ ਰੈਲੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੇ ਸਾਹਮਣੇ ਦੋ ਵੱਡੀਆਂ ਮੰਗਾਂ ਰੱਖੀਆਂ ਹਨ।
ਨਵਜੋਤ ਸਿੱਧੂ ਬੇਸ਼ੱਕ ਮੁੱਖ ਮੰਤਰੀ ਉਮੀਦਵਾਰ ਬਣਨ ਦੀ ਦੌੜ ਵਿੱਚ ਚਰਨਜੀਤ ਚੰਨੀ ਤੋਂ ਪਿੱਛੇ ਰਹਿ ਗਏ ਪਰ ਸਿੱਧੂ ਨੇ ਪਾਰਟੀ ਦੇ ਫੈਸਲੇ ‘ਤੇ ਡਟਣ ਦਾ ਦਾਅਵਾ ਕੀਤਾ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਪ੍ਰਚਾਰ ਦਾ ਹਿੱਸਾ ਨਹੀਂ ਬਣ ਰਹੇ ਸਨ। ਹੁਣ ਸਿੱਧੂ ਨੇ ਰਾਹੁਲ ਗਾਂਧੀ ਦੇ ਸਾਹਮਣੇ ਦੋ ਨਵੀਆਂ ਮੰਗਾਂ ਰੱਖੀਆਂ ਹਨ।
ਅੰਗਰੇਜ਼ੀ ਅਖਬਾਰ ਦ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਸੂਬਾ ਪ੍ਰਧਾਨ ਦਾ ਅਹੁਦਾ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਮੰਗ ਕੀਤੀ ਹੈ ਕਿ ਜੇਕਰ ਦੁਬਾਰਾ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਚੇਅਰਮੈਨ ਦਾ ਅਹੁਦਾ ਵਿਧਾਇਕਾਂ ਦੇ ਪੁੱਤਰਾਂ ਨੂੰ ਨਹੀਂ ਸਗੋਂ ਪਾਰਟੀ ਦੇ ਵਰਕਰਾਂ ਕੋਲ ਜਾਣਾ ਚਾਹੀਦਾ ਹੈ।
ਇਹ ਪਹਿਲੀ ਵਾਰ ਨਹੀਂ ਜਦੋਂ ਨਵਜੋਤ ਸਿੱਧੂ ਨੇ ਇਹ ਮੁੱਦਾ ਚੁੱਕਿਆ ਹੈ। ਨਵਜੋਤ ਸਿੱਧੂ ਨੇ ਪਹਿਲਾਂ ਰਾਹੁਲ ਗਾਂਧੀ ਦੇ ਸਾਹਮਣੇ ਕਿਹਾ ਸੀ ਕਿ ਜੇਕਰ ਕਾਂਗਰਸ ਪਾਰਟੀ ਵਿਧਾਇਕਾਂ ਦੇ ਪੁੱਤਰਾਂ ਨੂੰ ਚੇਅਰਮੈਨ ਦਾ ਅਹੁਦਾ ਦਿੰਦੀ ਹੈ ਤਾਂ ਉਹ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪਿਛਲੇ ਹਫ਼ਤੇ ਪੰਜਾਬ ਦਾ ਦੌਰਾ ਕਰਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ।