ਚੰਡੀਗੜ੍ਹ (ਸਾਰਾ ਯਹਾਂ): ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਹੁਣ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਿੱਧੂ ਨੇ ਜਗਤਾਰ ਸਿੱਧੂ ਅਤੇ ਸੁਰਿੰਦਰ ਢੱਲਾ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ, ਸਿੱਧੂ ਦੀ ਤਰਫੋਂ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ 4 ਸਲਾਹਕਾਰ ਨਿਯੁਕਤ ਕੀਤੇ ਸਨ, ਜਿਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ। ਹਾਲਾਂਕਿ ਡੀਜੀਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦੇ ਸਲਾਹਕਾਰ ਬਣਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਉਹ ਕਿਸੇ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ। ਹੁਣ ਨਵਜੋਤ ਸਿੱਧੂ ਵੱਲੋਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਐਤਵਾਰ ਨੂੰ ਕਿਹਾ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਆਗਾਮੀ ਵਿਧਾਨ ਸਭਾ ਚੋਣਾਂ (Punjab Assembly elections 2022) ਦੌਰਾਨ ਵਧੇਰੇ ਨੌਜਵਾਨਾਂ ਨੂੰ ਟਿਕਟਾਂ (tickets to youth) ਦਿੱਤੀਆਂ ਜਾਣਗੀਆਂ। ਸਿੱਧੂ ਨੇ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ‘ਤੇ ਪੰਜਾਬ ਵਿੱਚ ਮਾਫੀਆ ਖੜ੍ਹੇ ਕਰਨ ਦਾ ਦੋਸ਼ ਵੀ ਲਾਇਆ।
ਕਿਸੇ ਦਾ ਨਾਂ ਲਏ ਬਗੈਰ, ਕ੍ਰਿਕਟਰ ਤੋਂ ਸਿਆਸਤਦਾਨ ਬਣੇ ਆਮ ਆਦਮੀ ਪਾਰਟੀ ‘ਤੇ ਤੰਨਜ ਕਰਦਿਆਂ ਇਹ ਦਾਅਵਾ ਕੀਤਾ ਕਿ ਉਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਪਿੱਛੇ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਮੁਖੀ ਸਿੱਧੂ ਕਾਂਗਰਸ ਭਵਨ ਵਿਖੇ ਸੂਬੇ ਦੀ ਯੂਥ ਕਾਂਗਰਸ ਇਕਾਈ ਨੂੰ ਸੰਬੋਧਨ ਕਰ ਰਹੇ ਸੀ। ਸੁਤੰਤਰਤਾ ਦਿਵਸ ਮੌਕੇ ਯੂਥ ਕਾਂਗਰਸ ਨੇ ਮਾਰਚ ਵੀ ਕੱਢਿਆ।