*’ਨਵੀਆਂ ਪੈੜਾਂ’ ਪ੍ਰੋਗਰਾਮ ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲਕਦਮੀ*

0
18

ਚੰਡੀਗੜ੍ਹ 24 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ): ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਨੂੰ ਪੇਸ਼ ਕਰਦਾ ਪ੍ਰੋਗਰਾਮ ‘ਨਵੀਆਂ ਪੈੜਾਂ’ ਡੀ.ਡੀ. ਪੰਜਾਬੀ ‘ਤੇ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਪ੍ਰਸਾਰਿਤ ਕੀਤੇ ਜਾਣ ਵਾਲਾ ਪ੍ਰੋਗਰਾਮ ਅਧਿਆਪਕਾਂ, ਸਕੂਲ ਮੁਖੀਆਂ, ਸਕੂਲਾਂ ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਪ੍ਰਸਾਰਿਤ ਬਠਿੰਡਾ ਦੇ ਸਕੂਲਾਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨਥਾਣਾ ਲੜਕੇ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਭੂੰਦੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੂਹਲਾ ਦੀਆਂ ਝਲਕੀਆਂ ਵਾਲੇ ਐਪੀਸੋਡ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।
ਇਸ ਵਿੱਚ ਸਰਕਾਰੀ ਸਕੂਲਾਂ ਵਿੱਚ ਬਣੀਆਂ ਸ਼ਹੀਦਾਂ ਦੀਆਂ ਸਮਾਰਕਾਂ, ਸੁੰਦਰ ਤੇ ਵਿਸ਼ਾਲ ਖੇਡ ਮੈਦਾਨ, ਸਰਕਾਰੀ ਸਕੂਲਾਂ ਦੀਆਂ ਸ਼ਾਨਦਾਰ ਇਮਾਰਤਾਂ ਸਰਕਾਰੀ ਸਕੂਲਾਂ ਨੂੰ ਚਾਰ ਚੰਨ ਲਾ ਰਹੀਆਂ ਹਨ। ਛੋਟੇ-ਛੋਟੇ ਬੱਚਿਆਂ ਵੱਲੋਂ ਆਪਣੀਆਂ ਸਹਿ-ਅਕਾਦਮਿਕ ਕਿਰਿਆਵਾਂ ਰਾਹੀ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਮਿਆਰੀ ਪੜ੍ਹਾਈ ਨੂੰ ਪ੍ਰਤੱਖ ਦਿਖਾਇਆ ਗਿਆ। ਇਸਦੇ ਨਾਲ ਹੀ ਸਰਕਾਰੀ ਸਕੂਲਾਂ ਦੀ ਬਦਲੀ ਦਿੱਖ, ਬਾਲਾ ਵਰਕ ਅਤੇ ਪ੍ਰੀ-ਪ੍ਰਾਇਮਰੀ ਮਾਡਲ ਜਮਾਤਾਂ ਦੀ ਸਜਾਵਟ ਨੇ ਵੀ ਦਰਸ਼ਕਾਂ ਦਾ ਮਨ ਮੋਹਿਆ।

ਇਸ ਸਬੰਧੀ ਸਕੂਲ ਵਿਕਾਸ ਭਲਾਈ ਕਮੇਟੀ ਦੇ ਚੇਅਰਮੈਨ ਡਾ ਜਗਸੀਰ ਸਿੰਘ ਅਤੇ ਸਰਬਜੀਤ ਸਿੰਘ ਨੇ ਕਿਹਾ ਕਿ ਨਵੀਆਂ ਪੈੜਾਂ ਪ੍ਰੋਗਰਾਮ ਨਾਲ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦਾ ਰੁਝਾਨ ਹੋਰ ਵਧੇਗਾ ਅਤੇ ਬੱਚਿਆਂ ਦੇ ਦਾਖਲਿਆਂ ਵਿੱਚ ਵਾਧਾ ਹੋਵੇਗਾ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਲਾ ਰਾਮ ਨੇ ਕਿਹਾ ਕਿ ਉਹਨਾਂ ਦਾ ਬੇਟਾ ਉਹਨਾਂ ਦੇ ਪਿੰਡ ਵਾਲੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ ਅਤੇ ਇਸ ਪ੍ਰੋਗਰਾਮ ਨੂੰ ਉਨਾਂ ਨੇ ਪਰਿਵਾਰ ਸਮੇਤ ਬੈਠ ਕੇ ਦੇਖਿਆ ਅਤੇ ਸਰਕਾਰੀ ਸਕੂਲਾਂ ਦੀਆਂ ਝਲਕੀਆਂ ਦਾ ਆਨੰਦ ਮਾਣਿਆ ਹੈ।
ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸ਼ਿਵ ਪਾਲ ਗੋਇਲ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਸਕੂਲ ਮੁਖੀ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪਤਵੰਤੇ ਸੱਜਣ ਬਹੁਤ ਜਿਆਦਾ ਲਗਨ ਅਤੇ ਮਿਹਨਤ ਨਾਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਕੰਮ ਕਰ ਰਹੇ ਹਨ ਅਤੇ ਇਸ ਪ੍ਰੋਗਰਾਮ ਨਾਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਮਾਣ ਵਿੱਚ ਵਾਧਾ ਹੋ ਰਿਹਾ ਹੈ। ਬਠਿੰਡਾ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ ਸਿੰਘ ਕਮਾਂਡੋ ਨੇ ਕਿਹਾ ਕਿ ‘ਨਵੀਆਂ ਪੈੜਾਂ’ ਪ੍ਰੋਗਾਮ ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ। ਇਸ ਨੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪੱਖਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਬਹੁਤ ਵਧੀਆ ਭੂਮਿਕਾ ਅਦਾ ਕੀਤੀ ਹੈ।
ਇਸ ਮੌਕੇ ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੇਵਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਇਕਬਾਲ ਸਿੰਘ ਬੁੱਟਰ ਅਤੇ ਬਲਜੀਤ ਸਿੰਘ ਸੰਦੋਹਾ ਵੱਲੋਂ ‘ਨਵੀਆਂ ਪੈੜਾਂ’ ਪ੍ਰੋਗਰਾਮ ਵਿੱਚ ਬਠਿੰਡਾ ਦੇ ਸਰਕਾਰੀ ਸਕੂਲਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਲਈ ਡੀ.ਡੀ. ਪੰਜਾਬੀ ਅਤੇ ਸਟੇਟ ਮੀਡੀਆ ਟੀਮ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ, ਡੀ.ਐਸ.ਐਮ. ਮਹਿੰਦਰਪਾਲ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਨਿਰਭੈ ਸਿੰਘ ਭੁੱਲਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਣਜੀਤ ਸਿੰਘ ਮਾਨ ਅਤੇ ਸਹਾਇਕ ਕੋਆਰਡੀਨੇਟਰ ਜਤਿੰਦਰ ਸ਼ਰਮਾ ਨੇ ਕਿਹਾ ਕਿ ਬਠਿੰਡਾ ਦੇ ਸਕੂਲਾਂ ਦੀਆਂ ਸ਼ਾਨਦਾਰ ਝਲਕੀਆਂ ਪੇਸ਼ ਕਰਦਾ ਪ੍ਰੋਗਰਾਮ ‘ਨਵੀਆਂ ਪੈੜਾਂ ਵਿਲੱਖਣ ਪੈੜਾਂ ਛੱਡ ਗਿਆ।
ਸਟੇਟ ਮੀਡੀਆ ਕੋਆਰਡੀਨੇਟਰ ਪ੍ਰਮੋਦ ਭਾਰਤੀ ਨੇ ਦੱਸਿਆ ਕਿ ਹੁਣ ਤੱਕ ਪ੍ਰੋਗਰਾਮ ‘ਨਵੀਆਂ ਪੈੜਾਂ’ ਵਿੱਚ ਜ਼ਿਲ੍ਹਾ ਪਟਿਆਲਾ, ਫਤਿਹਗੜ੍ਹ ਸਾਹਿਬ, ਮਾਨਸਾ, ਸੰਗਰੂਰ, ਸਭਸ ਨਗਰ, ਬਰਨਾਲਾ, ਬਠਿੰਡਾ ਜ਼ਿਲ੍ਹਿਆਂ ‘ਤੇ ਇੱਕ ਵਿਸ਼ੇਸ਼ ਐਪੀਸੋਡ ਦਾਖਲਾ ਮੁਹਿੰਮ ਸਬੰਧੀ ਡੀ.ਡੀ. ਪੰਜਾਬੀ ‘ਤੇ ਪ੍ਰਸਾਰਿਤ ਕੀਤਾ ਜਾ ਚੁੱਕਾ ਹੈ। ਵਿਭਾਗ ਵੱਲੋਂ ਇਹਨਾਂ ਐਪੀਸੋਡ ਨੂੰ ਵਿਭਾਗ ਦੇ ਯੂ-ਟਿਊਬ ਲਿੰਕ ‘ਤੇ ਅਪਲੋਡ ਕਰ ਦਿੱਤਾ ਗਿਆ ਹੈ ਜੋ ਕਿ ‘ਨਵੀਆਂ ਪੈੜਾਂ’ ਨਾਲ ਸਰਚ ਕਰਕੇ ਇਸ ਪ੍ਰੋਗਰਾਮ ਨੂੰ ਦੁਬਾਰਾ ਦੇਖਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮੁੱਖ ਦਫ਼ਤਰ ਦੀ ਮੀਡੀਆਂ ਟੀਮ ਜਿਸ ਵਿੱਚ ਡਾ. ਸੁਖਦਰਸ਼ਨ ਸਿੰਘ ਚਹਿਲ, ਅਮਰਦੀਪ ਸਿੰਘ ਬਾਠ, ਅਸ਼ੋਕ ਕੁਮਾਰ ਅਤੇ ਰਾਜਿੰਦਰ ਸਿੰਘ ਚਾਨੀ ਇਸ ਪ੍ਰੋਗਰਾਮ ਨੂੰ ਤਿਆਰ ਕਰਨ ਵਿੱਚ ਬਣਦਾ ਯੋਗਦਾਨ ਪਾ ਰਹੇ ਹਨ।

NO COMMENTS