*ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਨੌਜਵਾਨ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ-ਐਸ.ਡੀ.ਐਮ.*

0
17

ਬੁਢਲਾਡਾ/ਮਾਨਸਾ, 12 ਸਤੰਬਰ : (ਸਾਰਾ ਯਹਾਂ/ਬੀਰਬਲ ਧਾਲੀਵਾਲ)
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਡੈਪੋ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਐਸ.ਡੀ.ਐਮ. ਬੁਢਲਾਡਾ ਸ਼੍ਰੀ ਪ੍ਰਮੋਦ ਸਿੰਗਲਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ।


ਇਸ ਮੌਕੇ ਐਸ.ਡੀ.ਐਮ. ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੰਤਵ ਨੌਜਵਾਨ ਵਰਗ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਬੁਰੀ ਆਦਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਰੁ-ਬ-ਰੂ ਹੁੰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਨੂੰ ਰੋਕਣ ਲਈ ਨੌਜਵਾਨ ਵਰਗ ਦੀ ਸ਼ਮੂਲੀਅਤ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣੀ ਚਾਹੀਦੀ ਹੈ ਅਤੇ ਸਮਾਜ ਸੁਧਾਰ ਦੇ ਕੰਮਾਂ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।


ਸ਼੍ਰੀ ਪ੍ਰਮੋਦ ਸਿੰਗਲਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਖੁਦ ਨਸ਼ਿਆਂ ਤੋਂ ਦੂਰ ਰਹਿਣਾ ਹੈ, ਉਥੇ ਹੋਰਨਾਂ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ ਡਾ. ਨਰਿੰਦਰ ਸਿੰਘ ਕਾਲੜਾ ਤੋਂ ਇਲਾਵਾ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS