
ਚੰਡੀਗੜ, 19 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫਤੇ ਰਾਜ ਭਰ ’ਚ ਐਨ.ਡੀ.ਪੀ.ਐਸ. ਐਕਟ, ਤਹਿਤ 192 ਐਫਆਈਆਰ ਦਰਜ ਕਰਕੇ, ਜਿਸ ਵਿੱਚ 26 ਵਪਾਰਕ ਮਾਮਲੇ ਹਨ, 271 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ ਪੁਲਿਸ (ਹੈਡਕੁਆਰਟਰ)ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਕੋਲੋਂ 10.08 ਕਿਲੋ ਹੈਰੋਇਨ, 13.52 ਕਿਲੋ ਅਫੀਮ, 5.52 ਕਿਲੋ ਗਾਂਜਾ, 3.43 ਕੁਇੰਟਲ ਭੁੱਕੀ ਅਤੇ 54123 ਮੈਡੀਕਲ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 17.66 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਪੀ.ਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 573 ਹੋ ਗਈ ਹੈ ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।————
