*ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ*

0
104

ਮਾਨਸਾ, 05 ਸਤੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ ):
ਐਸ.ਡੀ.ਐਮ. ਮਾਨਸਾ ਸ਼੍ਰੀ ਪ੍ਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਡਾ. ਸ਼ਵੀ ਬਜਾਜ ਦੀ ਅਗਵਾਈ ਹੇਠ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।


ਇਸ ਮੌਕੇ ਪ੍ਰਿੰਸੀਪਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਲਵਲੀਨ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਮਨੁੱਖ ਦੇ ਸਰੀਰ ਦੇ ਨਾਲ ਨਾਲ ਮਾਨਸਿਕ ਤੌਰ ’ਤੇ ਵੀ ਪ੍ਰਭਾਵ ਪਾਉੁਂਦਾ ਹੈ। ਨਸ਼ੇ ਦਾ ਆਦੀ ਵਿਅਕਤੀ ਜਿੱਥੇ ਆਪਣੇ ਪਰਿਵਾਰ ਦੇ ਹਾਲਾਤਾਂ ’ਤੇ ਪ੍ਰਭਾਵ ਪਾਉਂਦਾ ਹੈ ਉੱਥੇ ਹੀ ਉਹ ਆਪਣਾ ਖ਼ੁਦ ਦਾ ਭਵਿੱਖ ਵੀ ਖਤਰੇ ਵਿਚ ਪਾ ਲੈਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਦੇ ਨਾਲ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵੀ ਡੈਪੋ ਦੇ ਤੌਰ ’ਤੇ ਕੰਮ ਕਰਕੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਨੂੰ ਨਾਹ ਕਹਿ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।


ਡਾ. ਸ਼ਵੀ ਬਜਾਜ ਨੇ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਖੋਲ੍ਹੇ ਓਟ ਸੈਂਟਰਾਂ ਨਾਲ ਵਿਅਕਤੀ ਨੂੰ ਜੋੜ ਕੇ ਨਸ਼ਾ ਛੁਡਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਓਟ ਸੈਂਟਰਾਂ ਵਿਚ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਬਾਰੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਜਾਣੂ ਕਰਵਾ ਕੇ ਓਟ ਸੈਂਟਰਾਂ ਦੀਆਂ ਸੇਵਾਵਾਂ ਦਾ ਲਾਹਾ ਦਿਵਾਇਆ ਜਾ ਸਕਦਾ ਹੈ।


ਪ੍ਰੋਫੈਸਰ ਡਾ. ਸੁਪਨਦੀਪ ਕੌਰ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਤੋਂ ਨਫ਼ਰਤ ਨਹੀਂ ਕਰਨੀ ਚਾਹੀਦੀ ਬਲਕਿ ਉਸ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਵਿਚ ਇਸ ਤਰ੍ਹਾਂ ਦੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰਾਂ ਦਾ ਲਗਾਤਾਰ ਆਯੋਜਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਜੀਵਨ ਤੋਂ ਹੀ ਬੱਚੇ ਨਸ਼ਿਆਂ ਦੀ ਅਲ੍ਹਾਮਤ ਤੋਂ ਦੂਰ ਰਹਿਣ।
ਪ੍ਰੋਫੈਸਰ ਡਾ. ਰਾਵਿੰਦਰ ਸਿੰਘ ਨੇ ਕਿਹਾ ਨਸ਼ਿਆਂ ਦੇ ਕੋਹੜ ਨੂੰ ਸਮਾਜ ਵਿਚੋਂ ਖ਼ਤਮ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਵੀ ਜੁੜ ਕੇ ਸਰੀਰਿਕ ’ਤੇ ਮਾਨਸਿਕ ਤੌਰ ’ਤੇ ਮਜਬੂਤ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ।

NO COMMENTS