ਮਾਨਸਾ, 05 ਫਰਵਰੀ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਵੀ ਘਟਨਾਵਾਂ ਵਾਪਰ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ’ਤੇ ਉਨ੍ਹਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।