ਨਾਗਰਿਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ‘ਚ ਦੇਰੀ ਬਰਦਾਸ਼ਤ ਨਹੀਂ : ਡਿਪਟੀ ਕਮਿਸ਼ਨਰ

0
14

ਸਰਦੂਲਗੜ੍ਹ, 10 ਮਾਰਚ(ਸਾਰਾ ਯਹਾਂ /ਬਲਜੀਤ ਪਾਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਅੱਜ ਸਰਦੂਲਗੜ੍ਹ ਦਾ ਦੌਰਾ ਕਰਦਿਆਂ ਨਾਗਰਿਕਾਂ ਨੂੰ ਵੱਖ ਵੱਖ ਸਰਕਾਰੀ ਵਿਭਾਗਾਂ ਦੁਆਰਾ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਅਚਨਚੇਤ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਅਤੇ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਫਾਇਦੇ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਿਰਧਾਰਿਤ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਤੈਅ ਸਮਾਂ ਸੀਮਾ ਮੁਤਾਬਕ ਪਾਰਦਰਸ਼ੀ ਅਤੇ ਸਮਾਂ ਬੱਧ ਸੇਵਾਵਾਂ ਦਿੱਤੀਆਂ ਜਾਣ। ਉਨ੍ਹਾਂ ਤਹਿਸੀਲ ਦਾ ਦੌਰਾ ਵੀ ਕੀਤਾ ਅਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਾਉਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਸ਼ਹਿਰੀ ਤੇ ਪੇਂਡੂ ਲਾਭਪਾਤਰੀ ਇਹ ਈ ਕਾਰਡ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਕੋਵਿਡ ਦੇ ਪਾਸਾਰ ਨੂੰ ਫੈਲਣ ਤੋਂ ਰੋਕਣ ਲਈ ਹਰੇਕ ਨਾਗਰਿਕ ਵੱਲੋਂ ਪੂਰੀ ਚੌਕਸੀ ਵਰਤੀ ਜਾਵੇ ਅਤੇ ਖੁਦ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਆਪਣੇ ਪਰਿਵਾਰਾਂ ਅਤੇ ਆਲੇ ਦੁਆਲੇ ਵਿੱਚ ਵੀ ਕੋਰੋਨਾ ਤੋਂ ਬਚਾਅ ਸਬੰਧੀ ਸਲਾਹਾਂ ਦੀ ਪਾਲਣਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਸ਼੍ਰੀਮਤੀ ਸਰਬਜੀਤ ਕੌਰ ਵੱਲੋਂ ਤਹਿਸੀਲ ‘ਚ ਸਥਿਤ ਪਾਰਕ ਨੂੰ ਵਿਕਸਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਅਤੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਦੀ ਮੁਹਿੰਮ ਤਹਿਤ ਕੁਝ ਬੂਟੇ ਵੀ ਲਗਾਏ। ਉਨ੍ਹਾਂ ਕਰਮਚਾਰੀਆਂ ਨੂੰ ਬੂਟਿਆਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਚੌਗਿਰਦੇ ਨੂੰ ਹਰਾ ਭਰਾ ਬਣਾਉਣ ਲਈ ਨਿਯਮਤ ਤੌਰ ‘ਤੇ ਬੂਟੇ ਲਗਾਉਣ ਲਈ ਆਖਿਆ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ਼੍ਰੀ ਰੀਤਬਰਿੰਦਰ ਸਿੰਘ ਧਾਲੀਵਾਲ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਸੇਵਾ ਕੇਂਦਰ ਅਤੇ ਤਹਿਸੀਲ ਦੀ ਜਾਂਚ ਮੌਕੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਨਾਇਬ ਤਹਿਸੀਲਦਾਰ ਸ਼੍ਰੀ ਓ.ਪੀ ਜਿੰਦਲ ਅਤੇ ਡੀ.ਐਸ.ਪੀ ਸ਼੍ਰੀ ਅਮਰਜੀਤ ਸਿੰਘ ਵੀ ਮੌਜੂਦ ਸਨ।  
I/155506/2021

NO COMMENTS