-ਨੋਵਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਕਰ ਰਿਹਾ ਹੈ ਪੂਰੀ ਮੁਸਤੈਦੀ ਨਾਲ ਕੰਮ : ਸਿਵਲ ਸਰਜਨ

0
26

ਮਾਨਸਾ, 08 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਬਿਮਾਰੀ ਤੋਂ ਨਿਜ਼ਾਤ ਦਿਵਾਉਣ ਲਈ ਡਾਕਟਰਾਂ ਦੀ ਟੀਮ ਵੱਲੋਂ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਾਸ ਰੂਟ ਲੈਵਲ ਤੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਲਈ ਜ਼ਿਲ੍ਹੇ ਅੰਦਰ 1 ਲੱਖ 80 ਹਜਾਰ ਪੈਂਫਲਿਟ ਅਤੇ 226 ਫਲੈਕਸ ਲਗਾਏ ਗਏ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲ੍ਹਾ ਮਾਨਸਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਾਡੇ ਫਰੰਟ ਲਾਈਨ ਵਰਕਰ, ਜਿੰਨ੍ਹਾਂ ਵਿਚ 652 ਆਸ਼ਾਵਰਕਰ, 30 ਆਸ਼ਾ ਫੈਸਲੀਟੇਟਰ, 134 ਏ.ਐਨ.ਐਮ., 91 ਮੇਲ ਵਰਕਰ, 20 ਸੁਪਰਵਾਈਜਰ, 12 ਐਲ.ਐਚ.ਵੀ., 47 ਸੀ.ਐਚ.ਓ. ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਨਾਲ-ਨਾਲ ਰੈਗੂਲਰ ਕਰਮਚਾਰੀ ਵੀ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਸ਼ਹਿਰ ਅਤੇ ਪਿੰਡ ਪੱਧਰ ‘ਤੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਸਟਾਫ ਵੱਲੋਂ ਦਿਨ ਰਾਤ ਕੰਟਰੋਲ ਰੂਮ, ਡਾਟਾ ਕੰਪਾਈਲੇਸ਼ਨ, ਪੋਰਟਲ, ਅਪਡੇਸ਼ਨ ਆਦਿ ‘ਤੇ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਾਹਰੋਂ ਆਏ ਵਿਅਕਤੀਆਂ ਦੀ ਸਿਹਤ ਜਾਂਚ ਅਤੇ ਇਕਾਂਤਵਾਸ ਕਰਨ ਦਾ ਸਾਰਾ ਕੰਮ ਫਰੰਟ ਲਾਈਨ ਵਰਕਰਾਂ ਦੁਆਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਤਾਲਾਬੰਦੀ (ਲੋਕਡਾਊਨ) ਦੌਰਾਨ ਘਰਾਂ ਵਿੱਚ ਰਹਿ ਕੇ ਆਪਣੀ ਸਿਹਤ ਦਾ ਧਿਆਨ ਰੱਖਣ ਦੇ ਨਾਲ-ਨਾਲ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਸਮਾਜਿਕ ਦੂਰੀ ਬਣਾਏ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

NO COMMENTS