ਮਾਨਸਾ, 26 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਵਿੱਤੀ ਸਾਲ 2020-21 ਦੌਰਾਨ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਖੇਡ ਮੈਦਾਨ ਬਣਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਮਗਨਰੇਗਾ ਸਕੀਮ ਅਧੀਨ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 57 ਪਿੰਡ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਡ ਮੈਦਾਨ ਬਣਾਉਣ ਲਈ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ 27 ਖੇਡ ਮੈਦਾਨ ਉਸਾਰੀ ਅਧੀਨ ਹਨ।ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਵਿੱਚ ਵੱਖ-ਵੱਖ ਖੇਡਾਂ ਜਿਵੇਂ ਕਿ ਕਬੱਡੀ, ਫੁੱਟਬਾਲ, ਬਾਸਕਟਬਾਲ, ਟਰੈਕ, ਬੈਡਮਿੰਟਨ, ਵਾਲੀਬਾਲ ਆਦਿ ਦੇ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹਨਾਂ ਖੇਡ ਗਰਾਊਂਡਾਂ ਵਿੱਚ ਬਜ਼ੁਰਗ ਵਿਅਕਤੀ ਸੈਰ ਅਤੇ ਕਸਰਤ ਵੀ ਕਰ ਸਕਦੇ ਹਨ ਜਿਸ ਨਾਲ ਉਹ ਤੰਦਰੁਸਤ ਰਹਿ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿੱਚ ਮਾਡਲ ਖੇਡ ਮੈਦਾਨਾਂ ਦੀ ਉਸਾਰੀ ਸਮਾਂ ਬੱਧ ਤਰੀਕੇ ਨਾਲ ਕੀਤੀ ਜਾਵੇ ਅਤੇ ਜ਼ਿਲ੍ਹੇ ਦਾ ਹਰ ਪਿੰਡ ਕਵਰ ਕੀਤਾ ਜਾਵੇ।