
ਚੰਡੀਗੜ੍ਹ, 8 ਸਤੰਬਰ: (ਸਾਰਾ ਯਹਾਂ/ਹਿਤੇਸ਼ ਸ਼ਰਮਾ):
ਸਿਖਲਾਈਯਾਫ਼ਤਾ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ।
ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖ਼ਤ ਮੁਕਾਬਲੇ ਵਿੱਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਲੋਕਾਂ ਦੇ ਭਲੇ ਲਈ ਕਰਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਮ ਹੇਠ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ ਕਿਉਂ ਜੋ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤ ਵਿਚ ਕੋਈ ਸਮਝੌਤਾ ਨਹੀਂ ਕਰੇਗੀ।
ਪ੍ਰਦਰਸ਼ਨਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਨੂੰ ਤੰਗ-ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤ ਵਿੱਚ ਅਜਿਹੀਆਂ ਨੌਟੰਕੀਆਂ ਅੱਗੇ ਕਿਸੇ ਵੀ ਕੀਮਤ ਉਤੇ ਨਹੀਂ ਝੁਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਆਪਣੀ ਕਲਮ ਲੋਕ ਭਲਾਈ ਲਈ ਵਰਤਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਜਿੰਨੀ ਕਲਮ ਤੁਸੀਂ ਲੋਕ ਹਿੱਤ ਵਿੱਚ ਚਲਾਓਗੇ, ਉਨੇ ਹੀ ਭੱਤੇ ਸਰਕਾਰ ਹੋਰ ਵਧਾਏਗੀ। ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਦਾ ਫਾਇਦਾ ਕਿਸੇ ਨੂੰ ਨਹੀਂ ਹੋਣਾ, ਜਿਸ ਕਰਕੇ ਨਵੇਂ ਚੁਣੇ ਪਟਵਾਰੀਆਂ ਨੂੰ ਅਜਿਹੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਪੁਲਿਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਪਟਵਾਰੀਆਂ ਦੀ ਵੀ ਸਾਲਾਨਾ ਭਰਤੀ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 586 ਨਵੇਂ ਪਟਵਾਰੀਆਂ ਦੀ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਹੋਣ ਨਾਲ ਜਿੱਥੇ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ, ਉਥੇ ਹੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਭਰਤੀ ਨੂੰ ਸਾਲਾਨਾ ਆਧਾਰ ਉਤੇ ਕਰਨ ਦੀ ਵਿਵਸਥਾ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸਮਾਗਮ ਸਿਰਫ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਇਤਿਹਾਸਕ ਸਮਾਗਮ ਹੈ, ਜਿਸ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਅਤੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਸੂਬੇ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਜਵਾਨਾਂ ਨੂੰ 35 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇੰਨੀਆਂ ਨੌਕਰੀਆਂ ਖ਼ਾਸ ਤੌਰ ਉਤੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਇਨ੍ਹਾਂ ਨੌਕਰੀਆਂ ਲਈ ਮੈਰਿਟ ਤੇ ਪਾਰਦਰਸ਼ੀ ਪਹੁੰਚ ਨੂੰ ਹੀ ਮੁੱਖ ਆਧਾਰ ਰੱਖਿਆ ਗਿਆ।

ਵਿਰੋਧੀਆਂ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਜਿਹੜੇ ਆਗੂ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ, ਉਹ ਹੁਣ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਹੀ ਲਾਂਭੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਵੇਂ ਦੌਰ ਦੀ ਸ਼ੁਰੂਆਤ ਦਾ ਗਵਾਹ ਬਣਿਆ ਹੈ ਕਿਉਂਕਿ ਅਜੇਤੂ ਸਮਝੇ ਜਾਂਦੇ ਪੁਰਾਣੇ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਸ ਤਬਦੀਲੀ ਕਾਰਨ ਪਹਿਲੀ ਦਫ਼ਾ ਲੋਕ ਪੱਖੀ ਫੈਸਲਿਆਂ ਨੂੰ ਸ਼ਾਸਨ ਦੇ ਕੇਂਦਰ ਬਿੰਦੂ ਵਿੱਚ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਸਾਰੇ ਕਾਨੂੰਨੀ ਤੇ ਪ੍ਰਬੰਧਕੀ ਅੜਿੱਕੇ ਦੂਰ ਕਰ ਕੇ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਣਗੇ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਕੋਸ਼ਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਇਨਕਲਾਬ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ 68 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਇਨ੍ਹਾਂ ਸਕੂਲਾਂ ਦੇ ਨਿਰਮਾਣ ਲਈ ਜਾਰੀ ਕਰ ਦਿੱਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਸਿਸਟਮ ਦੀ ਕਾਇਆ-ਕਲਪ ਕਰਨ ਲਈ ਕੰਮ ਕਰ ਰਹੇ ਹਨ ਅਤੇ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਜ਼ਰੀਏ ਮੁਫ਼ਤ ਦਵਾਈਆਂ ਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਲੈ ਚੁੱਕੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
