
ਮਾਨਸਾ, 16 ਅਕਤੂਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸੀ.ਆਰ.ਐਮ. (Crop Residue Management) ਸਕੀਮ ਅਧੀਨ ਕਿਸਾਨਾਂ ਨੂੰ ਵੱਖ—ਵੱਖ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨਾਂ ਪਾਸੋਂ agrimachinerypb.com ਪੋਰਟਲ ’ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਰਟਲ ਰਾਹੀ ਵੇਟਿੰਗ ਲਿਸਟ ਜਨਰੇਟ ਕਰਨ ਲਈ ਲਾਭਪਾਤਰੀਆਂ ਦੀ ਚੋਣ ਲਾਟਰੀ ਸਿਸਟਮ ਅਨੁਸਾਰ ਡਰਾਅ ਰਾਹੀ ਕੀਤੇ ਜਾਣ ਤਹਿਤ ਵੱਖ—ਵੱਖ ਖੇਤੀ ਮਸ਼ੀਨਰੀ ਲਈ ਪ੍ਰਾਪਤ ਹੋਈਆਂ ਅਰਜੀਆਂ ਦਾ ਡਰਾਅ ਕੱਢ ਕੇ ਵੇਟਿੰਗ ਲਿਸਟ ਜਨਰੇਟ ਕੀਤੀ ਗਈ ਹੈ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਵੇਟਿੰਗ ਲਿਸਟ ਜਨਰੇਟ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕੀਤੀ ਗਈ ਹੈ। ਸਰਕਾਰ ਵੱਲੋ ਨਵੇਂ ਫੰਡਜ਼ ਪ੍ਰਾਪਤ ਹੋਣ ਜਾਂ ਪਹਿਲਾਂ ਵਾਲੇ ਐਕਸਪਾਇਰ ਸੈਕਸ਼ਨਾਂ ਵਿੱਚੋ ਇਸ ਲਿਸਟ ਦੀ ਸੀਨੀਅਰਤਾ ਸੂਚੀ ਅਨੁਸਾਰ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਲਈ ਸੈਕਸ਼ਨ ਪੱਤਰ ਜਾਰੀ ਕੀਤੇ ਜਾਣਗੇ।
ਉਨ੍ਹਾਂ ਅਪੀਲ ਕੀਤੀ ਕਿ ਜਿੰਨ੍ਹਾਂ ਬਿਨੇਕਾਰਾਂ ਨੂੰ ਸੈਕਸ਼ਨ ਪੱਤਰ ਜਾਰੀ ਕੀਤੇ ਗਏ ਹਨ ਉਹ 10 ਦਿਨਾਂ ਦੇ ਅੰਦਰ ਅੰਦਰ ਮਸ਼ੀਨ ਦੀ ਖਰੀਦ ਕਰਨ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਕੇ ਵਾਤਵਰਣ ਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਤੋਂ ਇਲਾਵਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਵੀ ਮੌਕੇ ਤੇ ਹਾਜਰ ਸਨ।
