*ਪਰਾਲੀ ਦੀ ਸਾਂਭ:ਸੰਭਾਲ ਲਈ ਕਿਸਾਨਾਂ ਨੂੰ ਉਪਦਾਨ ਤੇ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ ਦਾ ਡਰਾਅ ਕੱਢਿਆ*

0
33

ਮਾਨਸਾ, 15 ਸਤੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਵੱਖ—ਵੱਖ ਖੇਤੀ ਮਸ਼ੀਨਰੀ ਲਈ ਪ੍ਰਾਪਤ ਹੋਈਆਂ ਅਰਜੀਆਂ ਦਾ ਡਰਾਅ ਸਥਾਨਕ ਬੱਚਤ ਭਵਨ ਵਿਖੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਵਿਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ, ਬੀ.ਡੀ.ਪੀ.ਓ., ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਕਿਸਾਨਾਂ ਨੇ ਸ਼ਿਰਕਤ ਕੀਤੀ।


ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਬਾਰੇ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸੀ.ਆਰ.ਐਮ. (Crop Residue Management) ਸਕੀਮ ਅਧੀਨ ਕਿਸਾਨਾਂ ਨੂੰ ਵੱਖ—ਵੱਖ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨਾਂ ਪਾਸੋਂ https://www.agrimachinerypb.com  ਪੋਰਟਲ ’ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਾਰ ਨਿਰਧਾਰਤ ਕੀਤੇ ਗਏ ਟੀਚਿਆਂ ਤੋਂ ਵੱਧ ਅਰਜੀਆਂ ਪ੍ਰਾਪਤ ਹੋਣ ਕਰਕੇ ਲਾਭਪਾਤਰੀਆਂ ਦੀ ਚੋਣ ਲਾਟਰੀ ਸਿਸਟਮ ਅਨੁਸਾਰ ਡਰਾਅ ਰਾਹੀਂ ਕੀਤੀ ਗਈ ਹੈ।


ਉਨ੍ਹਾਂ ਦੱਸਿਆ ਕਿ ਇਹ ਡਰਾਅ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਪਰਾਲੀ ਦੇ ਪ੍ਰਬੰਧਨ ਵਿੱਚ ਵਰਤੀਆਂ ਜਾਣ ਵਾਲੀਆਂ ਵੱਖ—ਵੱਖ  ਮਸ਼ੀਨਾ ਜਿਵੇਂ ਕਿ 41 ਬੇਲਰ/ਰੇਕ ਮਸ਼ੀਨਾਂ, 286 ਹੈਪੀ ਸੀਡਰ/ਸੁਪਰ ਸੀਡਰ/ਸਮਾਰਟ ਸੀਡਰ ਮਸ਼ੀਨਾਂ, 211 ਜੀਰੋ ਟਿੱਲ ਡਰਿੱਲਾਂ ਆਦਿ ਦੇ ਪ੍ਰਾਪਤ ਟੀਚਿਆਂ ਅਨੁਸਾਰ ਲਾਭਪਾਤਰੀਆਂ ਦੀ ਚੋਣ ਕੀਤੀ ਗਈ ਹੈ।  ਉਨ੍ਹਾਂ ਅਪੀਲ ਕੀਤੀ ਕਿ ਜਿੰਨ੍ਹਾਂ ਲਾਭਪਾਰਤੀਆਂ ਦੀ ਚੋਣ ਹੋਈ ਹੈ, ਉਹ ਜਲਦੀ ਤੋਂ ਜਲਦੀ ਮਸ਼ੀਨਾਂ ਦੀ ਖਰੀਦ ਕਰਨ ਅਤੇ ਵੱਧ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿੱਚ ਇਨ੍ਹਾਂ ਮਸ਼ੀਨਾ ਦੀ ਵਰਤੋਂ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਵਿੱਚ ਪੂਰਨ ਸਹਿਯੋਗ ਦੇਣ।

NO COMMENTS