ਮਾਨਸਾ, 09 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ) ਦੇ ਦਿਸ਼ਾ ਨਿਰਦੇਸ਼ਾਂ ’ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਕੋਟਲੀ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਕੈਂਪ ਦੀ ਸ਼ੁਰੂਆਤ ਵਿੱਚ ਮੈਡਮ ਰਾਜਿੰਦਰ ਕੌਰ ਸਿੱਧੂ, ਸਹਾਇਕ ਪ੍ਰੋਫੈੱਸਰ (ਗ੍ਰਹਿ ਵਿਗਿਆਨ) ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ।
ਇੰਜ. ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੀਏਯੂ ਸਮਾਰਟ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਲਾਭ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ, ਹੈਪੀ ਸੀਡਰ ਨਾਲ ਬੀਜੀ ਕਣਕ ਦੀ ਬੀਜਾਈ ਲਈ ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰੋਂ।
ਉਨ੍ਹਾਂ ਕਿਸਾਨਾਂ ਨਾਲ ਸਰਫੇਸ ਸੀਡਰ ਵਿਧੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝ ਕਰਦਿਆਂ ਕਿਹਾ ਕਿ ਇਸ ਵਿਧੀ ਨਾਲ ਸਿਰਫ 700-800 ਰੁਪਏ ਦੇ ਖਰਚ ਨਾਲ ਕਣਕ ਦੀ ਬੀਜਾਈ ਕੀਤੀ ਜਾ ਸਕਦੀ ਹੈ। ਇਸ ਵਿਧੀ ਰਾਹੀਂ ਬੀਜਾਈ ਦੌਰਾਨ ਪਰਾਲੀ ਦੀ ਪਰਤ ਖੇਤ ਵਿਚ ਰਹਿਣ ਕਾਰਣ ਨਦੀਨ ਘੱਟ ਉੱਗਦੇ ਨੇ ਅਤੇ ਕਣਕ ਦੀ ਫ਼ਸਲ ਉੱਪਰ ਖਰਾਬ ਮੌਸਮ ਦਾ ਪ੍ਰਭਾਵ ਵੀ ਨਹੀਂ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ ਉੱਪਰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮਹੁੱਈਆਂ ਕਰਵਾਈ ਜਾਂਦੀ ਹੈ।
ਡਾ ਅਜੇ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੀ ਖੁਰਾਕ ਅਤੇ ਡੇਅਰੀ ਵਿੱਚ ਬੈਡਿੰਗ ਸਮੱਗਰੀ ਵਜੋਂ ਵਰਤਣ ਬਾਰੇ ਦੱਸਿਆ। ਅਖ਼ੀਰ ਵਿਚ ਡਾ ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟਨਾਸ਼ਕ ਵਰਤਣ ਲਈ ਪ੍ਰੇਰਿਆ। ਇਸ ਦੇ ਨਾਲ ਉਨ੍ਹਾਂ ਕਣਕ ਦੇ ਬੀਜ ਦੀ ਜੀਵਾਣੂ ਟੀਕੇ ਨਾਲ ਸੋਧ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਾਣੂ ਟੀਕੇ ਦੀ ਜ਼ਮੀਨ ਦੇ ਸਿਹਤ ਅਤੇ ਫ਼ਸਲ ਦੇ ਝਾੜ ਵਧਾਉਣ ਪ੍ਰਤੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਟੀਕਾ ਕਿਸਾਨ ਵੀਰ ਕਣਕ ਦਾ ਬੀਜ ਲੈਣ ਸਮੇਂ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ। ਇਸ ਪਿੰਡ ਪੱਧਰੀ ਕੈਂਪ ਵਿੱਚ 60 ਤੋਂ ਵੱਧ ਕਿਸਾਨ ਵੀਰਾਂ ਨੇ ਭਾਗ ਲਿਆ ਅਤੇ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖ਼ਸ਼ ਤਰੀਕੇ ਨਾਲ ਦਿੱਤੇ ਗਏ। ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।