*ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ ਪ੍ਰਬੰਧਨ ਕਰਨ ‘ਚ ਵਾਤਾਵਰਣ ਦੇ ਰਾਖੇ ਕਿਸਾਨਾਂ ਨੇ ਮਿਸਾਲ ਪੈਦਾ ਕੀਤੀ ਹੈ’:-ਵਧੀਕ ਡਿਪਟੀ ਕਮਿਸ਼ਨਰ*

0
20

ਮਾਨਸਾ, 28 ਅਕਤੂਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ’ਚ ਪਹਿਲਕਦਮੀ ਕਰਨ ਵਾਲੇ ਕਿਸਾਨਾਂ ਨੇ ਮਿਸਾਲ ਪੈਦਾ ਕੀਤੀ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨਾਲ ਜੁੜ ਕੇ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਜ਼ਿਲ੍ਹੇ ਦੇ 55 ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਾਤਾਵਰਣ ਦੇ ਰਾਖੇ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਤੇ ਯੋਜਨਾਵਾਂ ਨਾਲ ਜੁੜ ਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨਰੀ ਨਾਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਰਹਿਤ ਪੰਜਾਬ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇ। ਉਨ੍ਹਾਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਵਾਲੇ ਕਿਸਾਨਾਂ ਨੂੰ ਅਗਾਹ ਕਰਦਿਆਂ ਕਿਹਾ ਜੇਕਰ ਕਿਸਾਨ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਦੇ ਬਾਵਜ਼ੂਦ ਵੀ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਵੇਗਾ ਤਾਂ ਅਜਿਹਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਮਸ਼ੀਨਰੀ ਵੀ ਜ਼ਬਤ ਕਰ ਲਈ ਜਾਵੇਗੀ।  
ਇਸ ਮੌਕੇ ਹਾਜ਼ਰ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਬਿਨ੍ਹਾਂ ਅੱਗ ਲਗਾਏ ਵੱਖ—ਵੱਖ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਹੋਰਨਾ ਕਿਸਾਨਾਂ ਨੂੰ ਆਪਣੇ ਨਾਲ ਜ਼ੋੜਨਗੇ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਪ੍ਰਬੰਧਨ ਕਰਨ ਵਿੱਚ ਸਹਿਯੋਗ ਕਰਨਗੇ। ਕਿਸਾਨਾ ਵੱਲੋਂ ਆਪਣੇ—ਆਪਣੇ ਤਜ਼ਰਬੇ ਸਾਂਝੇ ਕੀਤੇ ਗਏ।
ਮੁੱਖ ਖੇਤੀਬਾੜੀ ਅਫਸਰ, ਡਾ. ਦਿਲਬਾਗ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਮਸ਼ੀਨੀਰੀ ਨਾਲ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ, ਮਿੱਟੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣ।  
ਇਸ ਮੌਕੇ ਪ੍ਰਦੂਸ਼ਨ ਕੰਟਰੋਲ ਬੋਰਡ, ਮਾਨਸਾ ਤੋਂ ਵਾਤਾਵਰਣ ਇੰਜੀਨੀਅਰ, ਮਿਸ: ਜਸਲੀਨ ਕੌਰ ਧਾਲੀਵਾਲ ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਇੰਜ: ਕੁਲਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ, ਸ੍ਰੀ ਸਿਮਰਜੀਤ ਸਿੰਘ, ਸੀਨੀਅਰ ਸਹਾਇਕ ਤੋਂ ਇਲਾਵਾ ਕਿਸਾਨ ਹਾਜਰ ਸਨ।

NO COMMENTS