*ਪਰਾਲੀ ਨੂੰ ਅੱਗ ਨਾ ਲਾ ਕੇ ਯੋਗ ਪ੍ਰਬੰਧਨ ਕਰਨਾ ਯਕੀਨੀ ਬਣਾਉਣ ਕਿਸਾਨ-ਪਰਮਵੀਰ ਸਿੰਘ

0
21

ਮਾਨਸਾ, 09 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ )
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਤਕਨੀਕ ਅਤੇ ਇਸ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਤੈਨਾਤ ਕੀਤੇ ਅਧਿਕਾਰੀ ਲਗਾਤਾਰ ਕਿਸਾਨਾਂ ਦੇ ਸੰਪਰਕ ਵਿਚ ਹਨ। ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਮੌਕੇ ’ਤੇ ਜਾ ਕੇ ਰੋਕਿਆ ਜਾਂਦਾ ਹੈ। ਸਾਰੇ ਕਿਸਾਨਾਂ ਨੂੰ ਪਰਾਲੀ ਦਾ ਮਸ਼ੀਨਰੀ ਨਾਲ ਪ੍ਰਬੰਧਨ ਕਰ ਰਹੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਖੈਰਾ ਕਲਾਂ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀ ਤਿਆਰੀ ਕਰ ਰਹੇ ਕਿਸਾਨ ਨੂੰ ਮੌਕੇ ’ਤੇ ਜਾ ਕੇ ਰੋਕਿਆ ਗਿਆ ਅਤੇ ਅੱਗ ’ਤੇ ਵੀ ਕਾਬੂ ਪਾਇਆ ਗਿਆ। ਇਸੇ ਤਰ੍ਹਾਂ ਪਿੰਡ ਬੀਰ ਖੁਰਦ ਵਿਖੇ ਤਿੰਨ ਥਾਵਾਂ ’ਤੇ ਲੱਗੀ ਪਰਾਲੀ ਦੀ ਅੱਗ ਨੂੰ ਬੁਝਾਇਆ ਗਿਆ ਹੈ। ਪਿੰਡ ਰੋੜਕੀ, ਘੁਰਕਣੀ, ਕਾਹਨਗੜ੍ਹ, ਕੁਲਰੀਆਂ ਆਦਿ ਪਿੰਡਾਂ ਵਿਚ ਵੀ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਨੂੰ ਡਿਊਟੀ ’ਤੇ ਤੈਨਾਤ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਰੋਕਿਆ ਗਿਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਕਰਨ, ਉਨ੍ਹਾਂ ਦੇ ਯੋਗ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਅਤੇ ਮਨੁੱਖੀ ਸਿਹਤ ਦੀ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਹਵਾ ਵਿਚ ਸਾਹ ਲੈਣ ਯੋਗ ਵਾਤਾਵਰਣ ਮੁਹੱਈਆ ਕਰਵਾ ਸਕੀਏ।

LEAVE A REPLY

Please enter your comment!
Please enter your name here