*ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਪਿੰਡ ਠੂਠਿਆਂਵਾਲੀ, ਧਲੇਵਾਂ ਅਤੇ ਜੱਸੜਵਾਲ ਦੇ ਜ਼ਮੀਨ ਮਾਲਕਾਂ ’ਤੇ ਐਫ.ਆਈ.ਆਰ. ਦਰਜ*

0
108

ਮਾਨਸਾ, 14 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ )
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਪਿੰਡ ਠੂਠਿਆਂਵਾਲੀ, ਧਲੇਵਾਂ ਅਤੇ ਜੱਸੜਵਾਲ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਮੌਕੇ ’ਤੇ ਹੀ ਸਬੰਧਤ ਐਸ.ਐਚ.ਓ. ਨੂੰ ਆਦੇਸ਼ ਜਾਰੀ ਕਰਦਿਆਂ ਐਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਹਿਯੋਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੀ ਮਦਦ ਲੈਣ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋਵੇ।  
ਉਨ੍ਹਾਂ ਪਿੰਡ ਬੁਰਜ ਰਾਠੀ, ਬੁਰਜ ਢਿੱਲਵਾਂ ਅਤੇ ਮੂਸਾ ਵਿਖੇ ਸੁਪਰ ਸੀਡਰ, ਬੇਲਰ ਅਤੇ ਮਲਚਿੰਗ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਦੇ ਯੋਗ ਨਿਪਟਾਰੇ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਰਹੇ ਅਗਾਂਹਵਧੂ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਉਨ੍ਹਾਂ ਬਲਾਕ ਭੀਖੀ ਦੇ ਪਿੰਡ ਢੈਪਈ ਵਿਖੇ ਕਿਸਾਨ ਧਨਜੀਤ ਸਿੰਘ ਦੇ ਖੇਤ ਵਿਚ ਪੀ.ਏ.ਯੂ. ਸਮਾਰਟ ਸੀਡਰ ਨਾਲ ਪਰਾਲੀ ਨੂੰ ਬਿਨਾ ਅੱਗ ਲਾਇਆ ਕਣਕ ਦੀ ਬਿਜਾਈ ਕਰਵਾਈ ਅਤੇ ਪਿੰਡ ਜੋਗਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਅਤੇ ਖਾਸ ਕਰਕੇ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਲਈ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

NO COMMENTS