ਮਾਨਸਾ, 27 ਅਕਤੂਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ 50 ਤੋਂ ਵਧੇਰੇ ਕਿਸਾਨਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ) ਇੰਜ. ਅਲੋਕ ਗੁਪਤਾ, ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਜਾਣਕਾਰੀ ਦਿੱਤੀ।
ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਡਾ. ਅਸ਼ੋਕ ਕੁਮਾਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਹੀ ਹਾੜ੍ਹੀ ਦੀਆਂ ਫਸਲਾਂ ਵਿਚ ਰਸਾਇਣਿਕ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜਮੀਨ ਦੀ ਜੈਵਿਕ ਸਿਹਤ ਦੇ ਸੁਧਾਰ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੇ ਕਣਕ ਦੇ ਬੀਜ ਨੂੰ ਲਾਉਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ, ਡਾ.ਬੀ ਐੱਸ ਸੇਖੋਂ ਨੇ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਬਜ਼ੀਆਂ ਅਤੇ ਫਲਾਂ ਦੇ ਬਾਗ਼ਾਂ ਵਿੱਚ ਮਲਚ ਦੇ ਤੌਰ ’ਤੇ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ ਅਤੇ ਵੱਖ-ਵੱਖ ਫ਼ਸਲਾਂ ਵਿੱਚ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤਣ ਬਾਰੇ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਚਾਨਣਾ ਪਾਇਆ।
ਕੈਂਪ ਦੌਰਾਨ ਕਿਸਾਨਾਂ ਨੂੰ ਸਰ੍ਹੋਂ ਅਤੇ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਗਿਆ।