ਮਾਨਸਾ, 03 ਨਵੰਬਰ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਅਧਿਕਾਰੀ ਰੋਜ਼ਾਨਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਰੱਖਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ। ਇਸ ਦੇ ਨਾਲ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਕਾਰਜ ਅਤੇ ਰੋਜ਼ਾਨਾ ਦੀ ਸਥਿਤੀ ਦੀ ਰਿਪੋਰਟ ਹਰ-ਰੋਜ਼ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਕਲੱਸਟਰਾਂ, ਨੋਡਲ ਅਤੇ ਫੀਲਰ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰਾਂ ਪਾਸੋਂ ਜ਼ੀਰੋ ਬਰਨਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜ ਕੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਲੰਘਣਾਂ ਕਰਨ ਵਾਲਿਆਂ ਦੇ ਚਲਾਣ ਅਤੇ ਜ਼ਮੀਨ ਵਿਚ ਰੈੱਡ ਐਂਟਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਵੇ। ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਬੁਰਾ ਪ੍ਰਭਾਵ ਪੈਂਦਾ ਹੈ, ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਮੌਜੂਦ ਸਨ।