ਫਤਿਹਾਬਾਦ 4 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸਰਕਾਰ ਵੱਲੋਂ ਮਨ੍ਹਾ ਕਿਤੇ ਜਾਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਹਰਿਆਣਾ ਦੇ ਜ਼ਿਲ੍ਹਾ ਫਤਿਹਾਬਾਦ ਵਿੱਚ ਜਿਵੇਂ-ਜਿਵੇਂ ਝੋਨੇ ਦੀ ਫਸਲ ਕੱਟੀ ਜਾ ਰਹੀ ਹੈ, ਉਸ ਦੇ ਨਾਲ ਹੀ ਨਾੜ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹਾ ਫਤਿਹਾਬਾਦ ‘ਚ 23 ਥਾਵਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਕਾਰਨ 6 ਸਰਪੰਚਾਂ ਤੇ 19 ਨੰਬਰਦਾਰਾਂ ਨੂੰ ਨੋਟਿਸ ਭੇਜਿਆ ਗਿਆ ਹੈ।
ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਨੂੰ ਵੇਖਦੇ ਹੋਏ ਫਤਿਹਾਬਾਦ ਦੇ ਡੀਸੀ ਨਰਹਰਿ ਸਿੰਘ ਬਾਂਗੜ ਨੇ ਸਖ਼ਤ ਐਕਸ਼ਨ ਲੈਂਦੇ ਹੋਏ 6 ਸਰਪੰਚਾਂ ਸਮੇਤ 19 ਨੰਬਰਦਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੰਬਧਤ ਏਡੀਓ, ਗ੍ਰਾਮ ਸਕੱਤਰ, ਪਟਵਾਰੀ ਤੇ ਤਹਿਸੀਲਦਾਰ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਡੀਸੀ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਕਿਸਾਨ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਕੇ ਪਰਾਲੀ ਦਾ ਨਿਪਟਾਰਾ ਕਰ ਸਕਦਾ ਹੈ ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਬਾਜ ਨਹੀਂ ਆ ਰਹੇ। ਡੀਸੀ ਨੇ ਕਿਹਾ ਕਿ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਤੇ ਜੋ ਵੀ ਕਿਸਾਨ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਂਦੇ ਹਨ, ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਕਿਹਾ ਕਿ ਇਨ੍ਹਾਂ 23 ਥਾਵਾਂ ‘ਤੇ ਦੋਸ਼ੀਆਂ ਵਲੋਂ ਪਰਾਲੀ ਸਾੜਨ ਦੀ ਜਾਣਕਾਰੀ ਦੀ ਪੁਸ਼ਟੀ ਹੋ ਗਈ ਹੈ ਤੇ ਇਸ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ ਤੇ ਪ੍ਰਦੂਸ਼ਣ ਬੋਰਡ ਨੂੰ ਦੋਸ਼ੀ ਕਿਸਾਨਾਂ ਖਿਲਾਫ ਐਫਆਈਆਰ ਦਰਜ ਕਰਨ ਤੇ ਜੁਰਮਾਨਾ ਲਾਉਣ ਲਈ ਲਿਖਿਆ ਗਿਆ ਹੈ।