*ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਣ ’ਤੇ ਤੁਰੰਤ ਅੱਗ ਬੁਝਾਉਣ ਦੇ ਨਾਲ ਜ਼ਮੀਨ ਮਾਲਕਾਂ ਦੇ ਖਿਲਾਫ ਕਾਰਵਾਈ ਅਮਲ ’ਚ ਲਿਆਂਦੀ ਜਾਵੇ-ਡਿਪਟੀ ਕਮਿਸ਼ਨਰ*

0
52

ਮਾਨਸਾ, 14 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਸਥਾਨਕ ਬੱਚਤ ਭਵਨ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰ ’ਤੇ ਜੁਟੇ ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ, ਸੁਪਰਵਾਈਜ਼ਰਾਂ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਹਾਲੇ ਝੋਨੇ ਦੀ ਕਟਾਈ ਨਹੀਂ ਹੋਈ ਉਥੇ ਹੋਰ ਵਧੇਰੇ ਨਜ਼ਰਸਾਨੀ ਰੱਖੀ ਜਾਵੇ ਅਤੇ ਅਜਿਹੇ ਕਿਸਾਨਾਂ ਨੂੰ ਪਹਿਲਾਂ ਤੋਂ ਭਰੋਸੇ ਵਿੱਚ ਲੈ ਕੇ ਵਾਤਾਵਰਣ ਗੰਧਲਾ ਕਰਨ ਵਾਲੇ ਪਾਪ ਤੋਂ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤ ਵਿੱਚ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਅੱਗ ਨੂੰ ਬੁਝਾਉਣ ਦੇ ਨਾਲ ਸਬੰਧਤ ਜ਼ਮੀਨ ਮਾਲਕਾਂ ਦੇ ਖਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਦੇ ਖਿਲਾਫ਼ ਸਖ਼ਤੀ ਨਾਲ ਨਿਬੜਿਆ ਜਾਵੇ।
ਐਸ.ਐਸ.ਪੀ  ਡਾ. ਨਾਨਕ ਸਿੰਘ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਅੱਗ ਲੱਗਣ ਦੇ ਮਾਮਲਿਆਂ ਨੂੰ ਰੋਕਣ ਲਈ ਪੂਰੀ ਮੁਸਤੈਦੀ ਨਾਲ ਡਿਊਟੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਡੀ.ਐਸ.ਪੀ ਅਤੇ ਐਸ.ਐਚ.ਓ ਨੂੰ ਹਰੇਕ ਸਬ ਡਵੀਜ਼ਨ ਪੱਧਰ ’ਤੇ ਨਿੱਜੀ ਤੌਰ ’ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਐਸ.ਡੀ.ਐਮ. ਅਮਰਿੰਦਰ ਸਿੰਘ ਮੱਲ੍ਹੀ, ਐਸ.ਪੀ. (ਐਚ) ਜਸਕੀਰਤ ਸਿੰਘ, ਐਸ.ਪੀ. ਬਾਲ ਕ੍ਰਿਸ਼ਨ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਸਮੇਤ ਸਮੂਹ ਕਲੱਸਟਰ ਅਫ਼ਸਰ, ਨੋਡਲ ਅਫ਼ਸਰ, ਸੁਪਰਵਾਇਜ਼ਰ ਹਾਜ਼ਰ ਸਨ।
ਤਸਵੀਰਾਂ 1 ਅਤੇ 2
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।  

NO COMMENTS