ਮਾਨਸਾ, 02 ਨਵੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੇ ਸੀਜ਼ਨ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਸਮੂਹ ਐਸ.ਡੀ.ਐਮਜ਼. ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜਿੰਨ੍ਹਾਂ ਦੇ ਅਧੀਨ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਇਸ ਗੱਲ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ 46 ਚਲਾਣ ਕਰਕੇ 1 ਲੱਖ 37 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਇੰਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਜ਼ਮ੍ਹਾਂਬੰਦੀਆਂ ’ਚ ਲਾਲ ਐਂਟਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ ਦੀ ੳਲੰਘਣਾਂ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਅੱਗੇ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਅੱਜ ਪਿੰਡ ਹੀਰੋਂ ਕਲਾਂ ਵਿਖੇ ਪੰਚਾਇਤ ਨੂੰ ਸੰਬੋਧਨ ਕਰਦਿਆਂ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਹੁੰਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਮਾਰੂ ਬਿਮਾਰੀਆਂ ਦੇ ਅਸਰ ਹੇਠੋਂ ਲੰਘਣਾ ਪੈਂਦਾ ਹੈ, ਅਜਿਹੇ ਨੁਕਸਾਨ ਨੂੰ ਰੋਕਣ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਸਹਿਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਅੱਗ ਕਰਕੇ ਪੈਦਾ ਹੋਣ ਵਾਲੇ ਧੂੰਏਂ ਕਾਰਨ ਇੱਕ ਪਾਸੇ ਮਨੁੱਖੀ ਸਰੀਰ ਲਈ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਫ਼ੈਲਦੀਆਂ ਹਨ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਜਦਕਿ ਦੂਸਰੇ ਪਾਸੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨੇਕ ਕਾਰਨਾਂ ਦੇ ਮੱਦੇਨਜ਼ਰ ਇਸ ਮਾੜੇ ਰੁਝਾਨ ਨੂੰ ਰੋਕਣਾ ਅਤਿ ਜ਼ਰੂਰੀ ਹੈ