
ਚੰਡੀਗੜ੍ਹ, 23 ਅਕਤੂਬਰ:(ਸਾਰਾ ਯਹਾਂ/ਹਿਤੇਸ਼ ਸ਼ਰਮਾ):
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਦੇ ਪਰਿਵਾਰ ਲਈ ਇਹ ਵਿੱਤੀ ਇਮਦਾਦ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਦਸਤਿਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਜਿੱਥੇ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਯਕੀਨੀ ਬਣਾਏਗੀ, ਉੱਥੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕਰੇਗੀ।
