ਚੰਡੀਗੜ•, 24 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਸ਼ਵ ਵੈਟਰਨਰੀ ਦਿਵਸ ਮੌਕੇ ਅੱਜ ਸਮੂਹ ਵੈਟਰਨਰੀ ਡਾਕਟਰਾਂ, ਇੰਸਪੈਕਟਰਾਂ ਅਤੇ ਪਸ਼ੂਆਂ ਦੇ ਇਲਾਜ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਹ ਪਸ਼ੂਧਨ ਦੀ ਸਾਂਭ-ਸੰਭਾਲ ਅਤੇ ਭਲਾਈ ਕਰ ਕੇ ਸੂਬੇ ਦੇ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਵਿਚ ਲੋਕਾਂ ਵਲੋਂ ਵੱਡੇ ਪੱਧਰ ਉੱਤੇ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਇਆ ਹੋਣ ਕਰ ਕੇ ਪਸ਼ੂ ਪਾਲਣ ਵਿਭਾਗ ਖਾਸ ਕਰ ਕੇ ਵੈਟਰਨਰੀ ਡਾਕਟਰਾਂ ਅਤੇ ਇੰਸਪੇਕਟਰਾਂ ਦੇ ਮੋਢਿਆਂ ਉੱਤੇ ਪਸ਼ੂਆਂ ਨੂੰ ਸਿਹਤਮੰਦ ਰੱਖਣ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਸਿਹਤਮੰਦ ਪਸ਼ੂ ਹੀ ਜ਼ਿਆਦਾ ਆਮਦਨ ਦਿੰਦੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਤਸੱਲੀ ਅਤੇ ਖੁਸ਼ੀ ਦੀ ਗੱਲ ਹੈ ਕਿ ਸੂਬੇ ਦਾ ਪਸ਼ੂ ਪਾਲਣ ਵਿਭਾਗ ਪੂਰੀ ਤਨਦੇਹੀ ਨਾਲ ਪਸ਼ੂਆਂ ਦੀ ਨਸਲ ਸੁਧਾਰ ਅਤੇ ਬਿਹਤਰੀਨ ਇਲਾਜ ਦੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ।
ਸ਼੍ਰੀ ਬਾਜਵਾ ਨੇ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਕਰਨ ਦੇ ਨਾਲ ਨਾਲ ਬੇਜ਼ੁਬਾਨੇ ਜਾਨਵਰਾਂ ਦਾ ਇਲਾਜ ਕਰ ਕੇ ਇੱਕ ਬਹੁਤ ਵੱਡੇ ਪੁੰਨ ਦਾ ਕਾਰਜ ਵੀ ਕਰ ਰਹੇ ਹਨ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਫੈਲੀ ਹੋਈ ਮਹਾਂਮਾਰੀ ਦੇ ਦੌਰ ਵਿਚ ਜਿਸ ਨਿਸ਼ਠਾ ਨਾਲ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਸ਼ੂ ਪਾਲਕਾਂ ਦੇ ਘਰਾਂ ਵਿਚ ਜਾ ਕੇ ਪਸ਼ੂਆਂ ਦਾ ਇਲਾਜ ਕਰ ਰਹੇ ਹਨ ਇਹ ਆਪਣੇ ਆਪ ਵਿਚ ਕਿਸੇ ਜੰਗ ਵਿਚ ਹਿੱਸਾ ਲੈਣ ਤੋਂ ਘੱਟ ਨਹੀਂ ਹੈ। ਉਹਨਾਂ ਪਸ਼ੂ ਪਾਲਕਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਪਸ਼ੂਆਂ ਦੀ ਸਿਹਤ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਸ਼੍ਰੀ ਬਾਜਵਾ ਨੇ ਕਿਹਾ ਕਿ ਅੱਜ ਵਿਸ਼ਵ ਵੈਟਰਨਰੀ ਦਿਵਸ ਮੌਕੇ ਸਾਨੂੰ ਸਭ ਨੂੰ ਆਪਣੇ ਆਪ ਨਾਲ ਇਹ ਅਹਿਦ ਕਰਨ ਦੀ ਲੋੜ ਹੈ ਕਿ ਪਸ਼ੂਆਂ ਦੇ ਇਲਾਜ ਨੂੰ ਅਸੀਂ ਆਪਣਾ ਪਰਮ-ਧਰਮ ਸਮਝ ਕੇ ਕਰਾਂਗੇ।