
ਚੰਡੀਗੜ੍ਹ, 13 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਕਾਬਲ ਬਣਾਉਣ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 68 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦਕਿ ਕੁਝ ਦਿਨ ਪਹਿਲਾਂ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ ਅਤੇ ਸਟਾਫ਼ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।
