*ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ*

0
15

ਚੰਡੀਗੜ੍ਹ, 27 ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼)

ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

LEAVE A REPLY

Please enter your comment!
Please enter your name here