*ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲ੍ਹਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ-ਮੁੱਖ ਮੰਤਰੀ ਚੰਨੀ*

0
28

ਅੰਮ੍ਰਿਤਸਰ, 6 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਸੋਂ ਵੀ ਮੁਲਾਕਾਤ ਲਈ ਸਮਾਂ ਮੰਗਣਗੇ।

ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਅਹਿਮ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੀ.ਆਈ.ਟੀ.ਈ.ਐਕਸ ਲਈ 10 ਏਕੜ ਰਕਬੇ ਵਿੱਚ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਦੇ ਅੰਦਰ ਰੱਖਿਆ ਜਾਵੇਗਾ ਤਾਂ ਜੋ ਸੰਸਥਾ ਨੂੰ ਖਿੱਤੇ ਵਿਚ ਵਪਾਰ ਅਤੇ ਉਦਯੋਗ ਨੂੰ ਵੱਡੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਪੂਰਾ ਕਰਨ ਦੇ ਯੋਗ ਬਣਾਇਆ ਜਾ ਸਕੇ। 

 ਇੱਥੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ 15ਵੇਂ ਮੇਲੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਚੰਨੀ ਨੇ ਸੁਆਲ ਉਠਾਉਂਦਿਆਂ ਕਿਹਾ ਕਿ ਜੇਕਰ ਵਪਾਰ ਸਮੁੰਦਰੀ ਰਸਤੇ ਤੋਂ ਹੋ ਸਕਦਾ ਹੈ ਤਾਂ ਜ਼ਮੀਨੀ ਮਾਰਗ ਰਾਹੀਂ ਕਿਉਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਨਾਲ ਆਰਥਿਕ ਖੁਸ਼ਹਾਲੀ ਦੇ ਵੱਡੇ ਮੌਕੇ ਪੈਦਾ ਹੋਣਗੇ। .

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋਂ ਹਰੇਕ ਤਰ੍ਹਾਂ ਦੀਆਂ ਲੋੜੀਂਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਡਿਜੀਟਲ ਸਿੰਗਲ-ਵਿੰਡੋ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਚੰਨੀ ਨੇ ਕਿਹਾ, “ਇਹ ਕਦਮ ਉਨ੍ਹਾਂ ਨੂੰ ਅਧਿਕਾਰੀਆਂ ਦੇ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋਂ ਲੋੜੀਂਦੀਆਂ ਇਜਾਜ਼ਤਾਂ ਲਈ ਅਰਜ਼ੀ ਦੇਣ ਦੇ ਯੋਗ ਬਣਾਵੇਗਾ, ਜਿਸ ਨਾਲ ਪਾਰਦਰਸ਼ਤਾ ਹੋਰ ਵਧੇਗੀ।”

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40,000 ਕੇਸ ਵਾਪਸ ਲੈ ਲਏ ਹਨ, ਸੰਸਥਾਗਤ ਟੈਕਸ ਖਤਮ ਕਰ ਦਿੱਤਾ ਹੈ, ਵਪਾਰ ਦਾ ਅਧਿਕਾਰ ਕਾਨੂੰਨ-2020 ਲਾਗੂ ਕਰ ਦਿੱਤਾ ਹੈ, ਜਿਸ ਨਾਲ ਫੈਕਟਰੀਆਂ ਅਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ.ਐਲ.ਯੂ. ਲੈਣ ਦੀ ਲੋੜ ਨੂੰ ਖਤਮ ਕਰਨਾ, 50 ਪ੍ਰਤੀਸ਼ਤ ਨਿਰਧਾਰਤ ਦਰਾਂ ਘਟਾ ਕੇ ਉਦਯੋਗਿਕ ਖੇਤਰ ਨੂੰ ਵੱਡੀ ਰਾਹਤ ਦਿੱਤੀ ਗਈ, 14 ਮੋਬਾਈਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ, ਇਸੇ ਤਰ੍ਹਾਂ ਇੰਸਪੈਕਟਰ ਰਾਜ ਦਾ ਅੰਤ ਕੀਤਾ ਗਿਆ, ਫੋਕਲ ਪੁਆਇੰਟਾਂ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ।  ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਸਕੀਮ ਤੋਂ ਇਲਾਵਾ ਚੰਡੀਗੜ੍ਹ ਵਿੱਚ 200 ਏਕੜ ਰਕਬੇ ਵਿੱਚ ਫਿਲਮ ਸਿਟੀ ਪ੍ਰੋਜੈਕਟ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ।  ਮੁੱਖ ਮੰਤਰੀ ਨੇ ਅੱਗੇ ਕਿਹਾ, ”ਅਸੀਂ ਹੁਨਰ ਵਿਕਾਸ ‘ਤੇ ਪੂਰਾ ਧਿਆਨ ਕੇਂਦਰਿਤ ਕਰਦੇ ਹੋਏ ਉਦਯੋਗਿਕ ਖੇਤਰ ਦੀਆਂ ਮੰਗਾਂ ਦੇ ਅਨੁਸਾਰ ਵਿਦਿਅਕ ਸੰਸਥਾਵਾਂ ਵਿੱਚ ਢੁਕਵਾਂ ਸਿਲੇਬਸ ਸ਼ੁਰੂ ਕਰਨ ਦੀ ਵੀ ਯੋਜਨਾ ਬਣਾ ਰਹੇ ਹਾਂ।”

ਧਾਰਮਿਕ ਸੈਰ ਸਪਾਟੇ ਵਿੱਚ ਅੰਮ੍ਰਿਤਸਰ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਸੈਰ ਸਪਾਟੇ ਦੇ ਖੇਤਰ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਰੂਪ ਵਿਚ ਪੰਜਾਬ ਦਾ ਅੱਵਲ ਦਰਜਾ ਹੈ।  ਉਨ੍ਹਾਂ ਨੇ ਪਾਈਟੈਕਸ ਵੱਲੋਂ ਵਿਸ਼ੇਸ਼ ਕਰਕੇ ਖੇਤਰ ਦੇ ਕਾਰੋਬਾਰੀਆਂ ਨੂੰ ਵੱਡਾ ਪਲੇਟਫਾਰਮ ਪ੍ਰਦਾਨ ਕਰਨ ਅਤੇ ਮੇਲੇ ਵਿਚ ਪੰਜ ਦੇਸ਼ਾਂ ਈਰਾਨ, ਮਿਸਰ, ਅਫਗਾਨਿਸਤਾਨ, ਤੁਰਕੀ ਅਤੇ ਥਾਈਲੈਂਡ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਇਸ ਦੀਆਂ ਸ਼ਾਨਦਾਰ ਸੇਵਾਵਾਂ ਲਈ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਉਥੇ ਲਾਏ ਗਏ 450 ਸਟਾਲਾਂ ਦਾ ਨਿਰੀਖਣ ਵੀ ਕੀਤਾ ਅਤੇ ਸੋਨਾਲੀਕਾ ਨੂੰ ‘ਸਰਵੋਤਮ ਇਨਡੋਰ ਸਟਾਲ’ ਦਾ ਐਵਾਰਡ ਜਦਕਿ ਜੇਏਐਲ ਕੰਪਨੀ ਨੂੰ ‘ਬੈਸਟ ਆਊਟਡੋਰ ਸਟਾਲ’ ਦਾ ਐਵਾਰਡ ਦਿੱਤਾ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸਰਹੱਦ ਪਾਰ ਤੋਂ ਵਪਾਰ ਦੀ ਅਹਿਮੀਅਤ ਨੂੰ ਦਰਸਾਇਆ। ਅੰਮ੍ਰਿਤਸਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਖੁਸ਼ਹਾਲੀ ਦੇ ਨਵੇਂ ਦਿਸਹੱਦੇ ਖੋਲ੍ਹੇਗਾ ਕਿਉਂਕਿ 34 ਦੇਸ਼ਾਂ ਨਾਲ ਵਪਾਰ ਅਤੇ ਕਾਰੋਬਾਰੀ ਗਤੀਵਿਧੀਆਂ ਚਲਾਈਆਂ ਜਾਣਗੀਆਂ।  ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਦੇ ਵਪਾਰੀਆਂ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਾਡਾ ਧਿਆਨ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲਿਆਂ ਦੀ ਬਜਾਏ ਰੁਜ਼ਗਾਰ ਪੈਦਾ ਕਰਨ ਦੇ ਯੋਗ ਬਣਾਉਣ ‘ਤੇ ਹੋਣਾ ਚਾਹੀਦਾ ਹੈ।

ਇਸ ਦੌਰਾਨ ਪੀਐਚਡੀ ਚੈਂਬਰ ਪੰਜਾਬ ਦੇ ਸਹਿ-ਚੇਅਰਪਰਸਨ ਕਰਨ ਗਿਲਹੋਤਰਾ ਨੇ ਪਾਇਟੈਕਸ-21 ਦੇ ਪ੍ਰਬੰਧ ਸਫਲਤਾ ਨਾਲ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਪੀ.ਐਚ.ਡੀ.ਸੀ.ਸੀ.ਆਈ. ਦੇ ਪੰਜਾਬ ਸਟੇਟ ਚੈਪਟਰ ਦੇ ਕਨਵੀਨਰ ਅੰਮ੍ਰਿਤਸਰ ਜ਼ੋਨ ਦੇ ਕਨਵੀਨਰ ਅਤੇ ਪੀ.ਐਚ.ਡੀ.ਸੀ.ਸੀ.ਆਈ. ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਹਾਜ਼ਰ ਸਨ।

NO COMMENTS