
ਮਾਨਸਾ, 4 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮਾਨਸਾ ਜ਼ਿਲ੍ਹੇ ਦੇ ਨਿਵਾਸੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ ਕਿ ਪਿਛਲੇ ਇੱਕ ਹਫਤੇ ਅੰਦਰ ਮਿਸ਼ਨ ਫ਼ਤਿਹ ਤਹਿਤ 117 ਕੋਵਿਡ ਪਾਜਿਟਿਵ ਮਰੀਜ਼ਾਂ ਨੇ ਲਾਗ ਦੀ ਇਸ ਬਿਮਾਰੀ ਉਤੇ ਜਿੱਤ ਹਾਸਲ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਪਾਜ਼ਿਟਿਵ ਪਾਏ ਜਾਣ ਮਗਰੋਂ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀਆਂ ਸਿਹਤ ਸਲਾਹਾਂ ਦੀ ਪਾਲਣਾ ਕੀਤੀ ਅਤੇ ਸਿਹਤਯਾਬ ਹੋ ਗਏ।
ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਮੁਕੰਮਲ ਤੌਰ ਉੱਤੇ ਜੰਗ ਜਿੱਤਣ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
