ਮਾਨਸਾ, 18 ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਅੱਜ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਪੱਤਰਕਾਰ ਸੰਮੇਲਨ ਦੌਰਾਨ ਸਰਕਾਰ ਦੁਆਰਾ ਕੀਤੇ ਵਿਕਾਸ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ’ਤੇ ਹੈ ਅਤੇ ਇਨ੍ਹਾਂ ਚਾਰ ਵਰਿ੍ਹਆਂ ਵਿੱਚ ਸਰਕਾਰ ਵੱਲੋਂ ਹਰੇਕ ਵਰਗ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਅਨੇਕਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਸ. ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨਿਕ ਸੇਵਾਵਾਂ, ਰੋਜ਼ਗਾਰ ਉਤਪਤੀ, ਸਾਫ਼ ਪਾਣੀ, ਸੜਕੀ ਨੈਟਵਰਕ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਮਿਸ਼ਨ ਫ਼ਤਿਹ ਅਤੇ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਦੇ ਮਿੱਥੇ ਟੀਚੇ ਤਹਿਤ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਵਿੱਚੋਂ ਕਰੀਬ 85 ਫੀਸਦੀ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਵਾਅਦੇ ਵੀ ਛੇਤੀ ਹੀ ਮੁਕੰਮਲ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਵਰਚੂਅਲ ਪ੍ਰੈਸ ਕਾਨਫਰੰਸ ਵਿੱਚ ਮਾਨਸਾ ਵਿਖੇ ਹਿੱਸਾ ਲੈਣ ਤੋਂ ਬਾਅਦ ਵਿਧਾਇਕ ਨੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਕਾਰਡ ਹੋਲਡਰਾਂ ਨੂੰ ਰਾਸ਼ਨ ਦੀ ਵੰਡ ਸਬੰਧੀ ਨੀਤੀ, ਠੋਸ ਕੂੜਾ ਕਰਕਟ ਪ੍ਰਬੰਧਨ, ਗੰਦੇ ਪਾਣੀ ਦੀ ਨਿਕਾਸੀ, ਹਰ ਘਰ ਪਾਣੀ ਹਰ ਘਰ ਸਫ਼ਾਈ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ, ਸਮਾਰਟ ਮੋਬਾਇਲ ਫੋਨਾਂ ਦੀ ਮੁਫ਼ਤ ਵੰਡ, ਮਾਲ ਵਿਭਾਗ, ਪੁਲਿਸ ਤੇ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਜ਼ਿਲ੍ਹਾ ਮਾਨਸਾ ਵਿਖੇ ਸਰਕਾਰ ਦੁਆਰਾ ਕਰਵਾਏ ਸਰਵਪੱਖੀ ਕੰਮਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਇਨ੍ਹਾਂ ਚਾਰ ਵਰÇ੍ਹਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਇੱਕ ਬੁਕਲੈਟ ਨਵਾਂ ਨਰੋਆ ਪੰਜਾਬ ਵੀ ਪ੍ਰਕਾਸ਼ਿਤ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਬਲਜੀਤ ਕੌਰ, ਯੂਥ ਆਗੂ ਸ਼੍ਰੀ ਚੁਸ਼ਪਿੰਦਰਵੀਰ ਸਿੰਘ ਭੁਪਾਲ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।