ਮਾਨਸਾ, 11 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ 71 ਪਿੰਡ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਹੈ, ਉਨ੍ਹਾਂ ਪਿੰਡਾਂ ਵਿੱਚ ਹੁਣ ਤੋਂ ਹੀ ਤਕਨੀਕੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤਹਿਤ ਹਰ ਰੋਜ 3 ਤੋਂ 4 ਪਿੰਡ ਕਵਰ ਕੀਤੇ ਜਾਣ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੀ ਸਥਿਤੀ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦਾ ਅੰਦੇਸ਼ਾ ਹੋਣ ’ਤੇ ਕਿਸਾਨ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਯੋਗ ਹੱਲ ਕਰਨ ਦੀ ਸਲਾਹ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ, ਉਨ੍ਹਾਂ ਪਿੰਡਾਂ ਵਿੱਚ ਪਸ਼ੂਆਂ ਲਈ ਹੜ੍ਹ ਮੌਕੇ ਹਰਾ ਚਾਰਾ ਅਤੇ ਤੂੜੀ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਭਾਗ ਅੰਦਰ ਚੱਲ ਰਹੀਆਂ ਸਕੀਮਾਂ ਬਾਰੇ ਕੈਂਪਾਂ ਰਾਹੀਂ ਵੱਧ ਤੋਂ ਵੱਧ ਕਿਸਾਂਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਿਸਾਨੀਂ ਹਿੱਤ ਵਿੱਚ ਉਪਰਾਲੇ ਕੀਤੇ ਜਾਣ। ਉਨ੍ਹਾਂ ਉਪ ਰਜਿਸਟਰਾਰ ਸਹਿਕਾਰੀ ਸੇਵਾਵਾਂ ਤੋਂ ਸੁਸਾਇਟੀਆਂ ਦੇ ਕੰਪਿਊਟਰਾਇਜ਼ਡ ਹੋਣ ਸਬੰਧੀ ਜਾਣਕਾਰੀ ਹਾਸਲ ਕੀਤੀ।
ਮੁੱਖ ਖੇਤੀਬਾੜੀ ਅਫਸਰ, ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਉਣੀ ਦੌਰਾਨ ਦੋ ਮੁੱਖ ਫਸਲਾਂ ਨਰਮਾ ਅਤੇ ਝੋਨਾ ਬੀਜੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਪੈਸਟ ਸਰਵੇਲੈਂਸ ਟੀਮਾਂ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਪੈਸਟ ਸਰਵੇਲੈਂਸ ਟੀਮਾਂ ਦੀਆਂ ਰਿਪੋਰਟਾਂ ਅਨੁਸਾਰ ਇਸ ਸਮੇਂ ਨਰਮੇਂ ਦੀ ਫਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ ਈ.ਟੀ.ਐਲ. ਲੈਵਲ ਤੋਂ ਘੱਟ ਹੈ। ਇਸ ਤੋਂ ਇਲਾਵਾ ਚਿੱਟਾ ਮੱਛਰ, ਜੂੰ ਅਤੇ ਹਰਾ ਤੇਲਾ ਦੀ ਸੰਖਿਆ ਵੀ ਈ.ਟੀ.ਐਲ. ਲੈਵਲ ਤੋਂ ਘੱਟ ਹੈ । ਕਿਤੇ ਕਿਤੇ ਜਿੱਥੇ ਗੁਲਾਬੀ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ ਉਥੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ਅਨੁਸਾਰ ਨਰਮੇਂ ਦੀ ਫਸਲ ’ਤੇ ਸਪਰੇਅ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।