ਫਗਵਾੜਾ 11 ਨਵੰਬਰ (ਸਾਰਾ ਯਹਾਂ/ਸ਼ਿਵ ਕੋੜ) ਫਗਵਾੜਾ ਦੇ ਨਜਦੀਕੀ ਪਿੰਡ ਨਾਰੰਗਸ਼ਾਹਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੇਵਾਦਾਰਾਂ ਰਣਜੀਤ ਸਿੰਘ, ਫੌਜਾ ਸਿੰਘ, ਚੂਹੜ ਸਿੰਘ, ਤਰਸੇਮ ਸਿੰਘ, ਸੁਖਵੰਤ ਸਿੰਘ, ਬਲਵੀਰ ਸਿੰਘ, ਸਰਪੰਚ ਹਰਵਿੰਦਰ ਸਿੰਘ ਨਾਹਲ, ਜੱਥੇਦਾਰ ਰਜਿੰਦਰ ਸਿੰਘ ਫੌਜੀ ਸਾਬਕਾ ਸਰਪੰਚ ਅਤੇ ਹੈੱਡ ਗ੍ਰੰਥੀ ਗਿਆਨੀ ਪੂਰਨ ਸਿੰਘ ਨੇ ਦੱਸਿਆ ਕਿ 13 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਗੁਰਦੁਆਰਾ 6ਵੀਂ ਪਾਤਸ਼ਾਹੀ ਪਿੰਡ ਨਾਰੰਗਸ਼ਾਹਪੁਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਉਪਰੰਤ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਹੋਵੇਗੀ। ਜਿਸ ਤੋਂ ਬਾਅਦ ਗ੍ਰਾਮ ਪੰਚਾਇਤ , ਨਾਰੰਗਸ਼ਾਹਪੁਰ ਤੇ ਗੰਡਵਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ – ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਵੱਖ ਵੱਖ ਪਕਵਾਨਾਂ ਦੇ ਲੰਗਰਾਂ ਨਾਲ ਸਵਾਗਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਰਾਗੀ ਤੇ ਢਾਡੀ ਜੱਥੇ ਸੰਗਤਾਂ ਨੂੰ ਰੱਬੀ ਬਾਣੀ ਸਰਵਣ ਕਰਵਾਉਣਗੇ। ਇਸ ਮੌਕੇ ਐਨ.ਆਰ.ਆਈ. ਵੀਰਾਂ ਵਲੋਂ ਭੇਜੀ ਗਈ ਰਾਸ਼ੀ ਨਾਲ ਗੁਰਪੁਰਬ ਦੀ ਖੁਸ਼ੀ ਵਿੱਚ ਸਮੁੱਚੇ ਪਿੰਡ ‘ਚ ਲੱਡੂ ਵੀ ਵੰਡੇ ਗਏ।