
ਮਾਨਸਾ, 19 ਫਰਵਰੀ: (ਸਾਰਾ ਯਹਾਂ/ਮੁੱਖ ਸੰਪਾਦਕ)
ਪਿੰਡ ਪੱਧਰ ’ਤੇ ਆਧੁਨਿਕ ਲਾਇਬ੍ਰੇਰੀਆਂ ਦੀ ਸਥਾਪਨਾ ਪੰਜਾਬ ਸਰਕਾਰ ਦਾ ਨਿਵੇਕਲਾ ਤੇ ਅਹਿਮ ਉਪਰਾਲਾ ਹੈ ਜਿਸ ਸਦਕਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਵਿਦਿਆਰਥੀਆਂ ਨੂੰ ਉੱਤਮ ਦਰਜੇ ਦਾ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕਿਤਾਬਾਂ ਉਪਲੱਬਧ ਕਰਵਾਈਆਂ ਗਈਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਮਲਕੋਂ ਵਿਖੇ ‘ਦਾ ਯੂਥ ਲਾਇਬ੍ਰੇਰੀ’ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਵੀ ਮੌਜੂਦ ਸਨ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਆਧੁਨਿਕ ਲਾਇਬ੍ਰੇਰੀਆਂ ਅੰਦਰ ਕਿਤਾਬਾਂ ਤੋਂ ਇਲਾਵਾ ਇੰਟਰਨੈਟ ਅਤੇ ਬੈਠ ਕੇ ਪੜ੍ਹਨ ਲਈ ਵਧੀਆ ਫਰਨੀਚਰ ਲਗਵਾਇਆ ਗਿਆ ਹੈ ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਤੋਂ ਇਲਾਵਾ ਪਿੰਡ ਦੇ ਹੋਰ ਆਮ ਵਿਅਕਤੀ ਵੀ ਕਿਤਾਬਾਂ ਨਾਲ ਜੁੜ ਕੇ ਆਪਣਾ ਸਮੇਂ ਦੀ ਸੁਚੱਜੀ ਵਰਤੋਂ ਕਰ ਸਕਦੇ ਹਨ।
ਵਿਧਾਇਕ ਨੇ ਕਿਹਾ ਕਿ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਚੰਗੀ ਸਿੱਖਿਆ ਦੇ ਨਾਲ ਨਾਲ ਲਾਇਬ੍ਰੇਰੀ ਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਅਹਿਮ ਫੈਸਲੇ ਲੈ ਰਹੀ ਹੈ ਜਿਸ ਨਾਲ ਸਾਡੇ ਦੇਸ਼ ਦਾ ਭਵਿੱਖ ਸਾਡੇ ਨੌਜਵਾਨਾਂ ਨੂੰ ਚੰਗੀ ਸੇਧ ਮਿਲੇਗੀ ਅਤੇ ਉਹ ਉੱਚ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਸੰਵਾਰ ਸਕਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਬੀ.ਡੀ.ਪੀ.ਓ. ਕੁਸਮ ਅੱਗਰਵਾਲ, ਸਰਪੰਚ ਪਿੰਡ ਮਲਕੋਂ ਸ੍ਰੀਮਤੀ ਮਨਜੀਤ ਕੌਰ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।
