*ਪਿੰਡ ਭਾਦੜਾ ਵਿਖੇ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ਮੌਕੇ’ਤੇ ਬੁਝਾਇਆ*

0
23

ਮਾਨਸਾ, 21 ਨਵੰਬਰ :(ਸਾਰਾ ਯਹਾਂ/ਬੀਰਬਲ ਧਾਲੀਵਾਲ):ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ  ਜ਼ਿਲੇ ਦੇ ਪਿੰਡਾਂ ’ਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਕਲੱਸਟਰ ਇੰਚਾਰਜਾਂ ਅਤੇ ਨੋਡਲ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਭਾਦੜਾ ਵਿਖੇ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ਐਸ.ਐਚ.ਓ. ਪੁਲਿਸ ਥਾਣਾ ਸਦਰ ਬੁਢਲਾਡਾ ਦੀ ਅਗਵਾਈ ਵਾਲੀ ਟੀਮ ਵੱਲੋਂ ਮੌਕੇ ’ਤੇ ਹੀ ਬੁਝਾਇਆ ਗਿਆ ਅਤੇ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਮੌਕੇ ’ਤੇ ਸਬੰਧਤ ਜ਼ਮੀਨ ਮਾਲਕ ਨੂੰ ਜਾਗਰੂਕ ਕੀਤਾ ਗਿਆ।  
ਉਨ੍ਹਾਂ ਦੱਸਿਆ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ ਦੀ ਅਗਵਾਈ ਵਿੱਚ ਪਿੰਡ ਮੂਲਾ ਸਿੰਘ ਵਾਲਾ ਵਿਖੇ ਖੇਤਾਂ ਵਿੱਚ ਸੁਪਰ ਐਸ.ਐਮ.ਐਸ. ਰਾਹੀਂ ਝੋਨੇ ਦੀ ਹਾਰਵੈਸਟਿੰਗ ਕਰਨ ਉਪਰੰਤ ਹੈਪੀ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਓ. ਅਮਨਦੀਪ ਸਿੰਘ ਅਤੇ ਏ.ਏ.ਈ. ਕੁਲਦੀਪ ਸਿੰਘ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਫੁੱਲੂਵਾਲਾ ਡੋਗਰਾ ਵਿਖੇ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਵਾਈ ਗਈ।
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਅਜਿਹਾ ਕਰਨ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਉਥੇ ਹੀ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।

NO COMMENTS