*ਪਿੰਡ ਮੋਹਰ ਸਿੰਘ ਵਾਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਦਿੱਤੀ ਜਾਣਕਾਰੀ*

0
5

ਮਾਨਸਾ, 28 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਮੋਹਰ ਸਿੰਘ ਵਾਲਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਮੈਡਮ ਰਾਜਿੰਦਰ ਕੌਰ ਸਿੱਧੂ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਜਿਸਦੇ ਫ਼ਲਸਰੂਪ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ।
ਇੰਜੀਨੀਅਰ ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੀ.ਏ.ਯੂ. ਸਮਾਰਟ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਲਾਭ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ, ਹੈਪੀ ਸੀਡਰ ਨਾਲ ਬੀਜੀ ਕਣਕ ਦੀ ਬੀਜਾਈ ਲਈ ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ ਉੱਪਰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮਹੁੱਈਆਂ ਕਰਵਾਈ ਜਾਂਦੀ ਹੈ।
ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਡਾ. ਅਜੇ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੀ ਖੁਰਾਕ ਅਤੇ ਡੇਅਰੀ  ਵਿੱਚ ਬੈਡਿੰਗ ਸਮੱਗਰੀ ਵਜੋਂ ਵਰਤਣ ਬਾਰੇ ਦੱਸਿਆ। ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਰਣਵੀਰ ਸਿੰਘ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟ ਨਾਸ਼ਕ ਵਰਤਣ ਲਈ ਪ੍ਰੇਰਿਆ।  ਉਨ੍ਹਾਂ ਕਣਕ ਦੇ ਬੀਜ ਦੀ ਜੀਵਾਣੂ ਟੀਕੇ ਨਾਲ ਸੋਧ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਾਣੂ ਟੀਕੇ ਦੀ ਜ਼ਮੀਨ ਦੇ ਸਿਹਤ ਅਤੇ ਫ਼ਸਲ ਦੇ ਝਾੜ ਵਧਾਉਣ ਪ੍ਰਤੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਟੀਕਾ ਕਿਸਾਨ ਵੀਰ ਕਣਕ ਦਾ ਬੀਜ ਲੈਣ ਸਮੇਂ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ। ਇਸ ਪਿੰਡ ਪੱਧਰੀ ਕੈਂਪ ਵਿੱਚ 50 ਤੋਂ ਵੱਧ ਕਿਸਾਨ ਵੀਰਾਂ ਨੇ ਭਾਗ ਲਿਆ ਅਤੇ ਮਾਹਿਰਾਂ ਵਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵਿਸਥਾਰ ਨਾਲ ਦਿੱਤੇ ਗਏ। ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ।

NO COMMENTS