ਚੰਡੀਗੜ੍ਹ, 12 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ‘ਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ, ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ।
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ।
ਸ. ਈ.ਟੀ.ਓ. ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।
ਸ. ਈ.ਟੀ.ਓ. ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
———-