
ਮਾਨਸਾ,22 ਫਰਵਰੀ (ਸਾਰਾ ਯਹਾਂ/ਰੋਹਿਤ ਜਿੰਦਲ) “ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰਕੇ ਮੁੱਕਰ ਗਈ ਹੈ ਜਿਸ ਕਾਰਨ ਪੰਜਾਬ ਦੇ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਗਿਆ ਮਹਿਸੂਸ ਕਰ ਰਹੇ ਹਨ। ਸਰਕਾਰ ਨੇ ਨਵੰਬਰ 2022 ਵਿੱਚ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਅੱਧ-ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪ੍ਰੰਤੂ ਉਸ ਤੋਂ ਬਾਅਦ ਸਵਾ ਸਾਲ ਬੀਤ ਜਾਣ ‘ਤੇ ਵੀ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ ਸਰਕਾਰ ਦੀ ਬੇਈਮਾਨੀ ਨੂੰ ਦਰਸਾਉਂਦਾ ਹੈ ਕਿ ਇਸ ਨੇ ਉਸ ਸਮੇਂ ਲੱਖਾਂ ਮੁਲਾਜ਼ਮਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਸ ਨੋਟੀਫਿਕੇਸ਼ਨ ਨੂੰ ਉਸ ਸਮੇਂ ਕੁਝ ਰਾਜਾਂ ਦੀਆਂ ਚੋਣਾਂ ਵਿੱਚ ਵੋਟਾਂ ਵਟੋਰਨ ਲਈ ਵਰਤਿਆ। ਆਮ ਆਦਮੀ ਪਾਰਟੀ ਪੰਜਾਬ ਤੋਂ ਬਾਹਰ ਇਹ ਝੂਠ ਫੈਲਾਅ ਕੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਹੀ ਹੈ ਕਿ ਇਸ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਜਿਲ੍ਹਾ ਸਕੱਤਰ ਹਰਜਿੰਦਰ ਅਨੂਪਗੜ ਨੇ ਕੀਤਾ। ਜਥੇਬੰਦੀ ਦੇ ਸੀਨੀਅਰ ਆਗੂਆਂ ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ, ਗੁਰਤੇਜ ਉਭਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਰਵਈਏ ਤੋਂ ਨਹੀਂ ਲਗਦਾ ਕਿ ਪੰਜਾਬ ਸਰਕਾਰ ਦਾ ਨੇੜਲੇ ਭਵਿੱਖ ਵਿੱਚ ਵੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਕੋਈ ਇਰਾਦਾ ਹੈ। ਸਰਕਾਰ ਮੁਲਾਜ਼ਮਾਂ ਨੂੰ ਮੀਟਿੰਗਾਂ ਦੇ ਕੇ ਭੱਜ ਰਹੀ ਹੈ। ਇਸ ਤੋਂ ਪੰਜਾਬ ਦੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਕਾਫ਼ੀ ਨਾਰਾਜ਼ਗੀ ਹੈ ਜੋ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਹਿੰਗੀ ਪੈ ਸਕਦੀ ਹੈ। ਜਥੇਬੰਦੀ ਦੇ ਆਗੂਆਂ ਰਾਜਵਿੰਦਰ ਬੈਹਣੀਵਾਲ, ਨਵਜੋਸ਼ ਸਪੋਲੀਆ ਅਤੇ ਗੁਰਦੀਪ ਬਰਨਾਲਾ ਨੇ ਕਿਹਾ ਕਿ ਜਿਹੜੀਆਂ ਸਰਕਾਰਾਂ ਦੀ ਨੀਤ ਸਾਫ ਸੀ ਉਹਨਾਂ ਨੇ ਬਾਅਦ ਵਿੱਚ ਸੱਤਾ ਵਿੱਚ ਆ ਕੇ ਵੀ ਪੰਜਾਬ ਸਰਕਾਰ ਨਾਲੋਂ ਪਹਿਲਾਂ ਪੁਰਾਣੀ ਪੈਨਸ਼ਨ ਲਾਗੂ ਕਰ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਚਰਿੱਤਰ ਨੂੰ ਨੰਗਾ ਕਰਨ ਲਈ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦੁਆਰਾ 25 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਕੀਤੀ ਜਾ ਰਹੀ ਰੈਲੀ ਵਿੱਚ ਪੰਜਾਬ ਭਰ ਵਿੱਚੋਂ ਆਪਣੇ ਕਾਡਰ ਸਮੇਤ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨਗੇ ਅਤੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਅਵਾਜ਼ ਮੁੱਖ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣਗੇ।ਇਸ ਮੌਕੇ ਨਿਧਾਨ ਸਿੰਘ, ਅਮ੍ਰਿਤਪਾਲ ਸਿੰਘ, ਸ਼ਿੰਗਾਰਾ ਸਿੰਘ, ਚਰਨਪਾਲ ਸਿੰਘ, ਤਰਸੇਮ ਬੋੜਾਵਾਲ, ਜਗਦੇਵ ਸਿੰਘ, ਰਾਜਿੰਦਰਪਾਲ ਸਿੰਘ, ਸੁਖਚੈਨ ਸਿੰਘ, ਹਰਫੂਲ ਬੋਹਾ, ਜਸਵਿੰਦਰ ਸਿੰਘ,ਬਲਕਾਰ ਸਿੰਘ, ਗੁਰਜੀਤ ਮਾਨਸਾ, ਅਮਨਦੀਪ ਕੌਰ, ਅਮਰਪ੍ਰੀਤ ਕੌਰ, ਰੇਨੂੰ ਬਾਲਾ, ਬੇਅੰਤ ਕੌਰ ਆਦਿ ਹਾਜ਼ਰ ਸਨ |
