ਚੰਡੀਗੜ੍ਹ, 29 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਾਰੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ।
ਅੱਜ ਇਥੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਨਿਜ਼ਮ ਦੀ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਜਿੰਨੇ ਕੇਸ ਫੜੇ ਜਾਂਦੇ ਹਨ, ਉਨ੍ਹਾਂ ਦੀਆਂ ਕੜੀਆਂ ਉਤੇ ਕੰਮ ਕਰਦਿਆਂ ਇਸ ਨਾਲ ਜੁੜੇ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਕੇ ਨਕੇਲ ਕਸੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਮੀਟਿੰਗ ਵਿੱਚ ਇਨ੍ਹਾਂ ਕੇਸਾਂ ਦੀ ਹਰ ਮਹੀਨੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ਾਂ ਉਤੇ ਚੱਲਦਿਆਂ ਨਸ਼ਿਆਂ ਨਾਲ ਜੁੜੇ ਸਰਗਣਿਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਪੰਜਾਬ ਪੁਲਿਸ ਨੂੰ ਇਨ੍ਹਾਂ ਕੇਸਾਂ ਦੀ ਪੈਰਵੀ ਵਿੱਚ ਤੇਜ਼ੀ ਲਿਆਉਣ ਅਤੇ ਜਾਇਦਾਦਾਂ ਦੀ ਜ਼ਬਤ ਕਰਨ ਦੀ ਪ੍ਰਕਿਰਿਆ ਸਬੰਧੀ ਸਿਖਲਾਈ ਦੇਣ ਲਈ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਵਿਸ਼ੇਸ਼ ਸੈਸ਼ਨ ਕਰਵਾ ਕੇ ਪੁਲਿਸ ਨੂੰ ਸਮਰੱਥ ਕੀਤਾ ਜਾਵੇ।
ਸ੍ਰੀ ਵਰਮਾ ਨੇ ਕਿਹਾ ਕਿ ਨਸ਼ਿਆਂ ਦੀ ਵਪਾਰਕ ਮਾਤਰਾ ਦੇ ਮਾਮਲਿਆਂ ਦੀ ਟਰਾਇਲ ਪ੍ਰਕਿਰਿਆ ਤੇਜ਼ ਕਰਨ ਲਈ ਪੁਲਿਸ ਵਿਭਾਗ ਨੂੰ ਹਦਾਇਤਾਂ ਕੀਤੀਆਂ ਗਈਆਂ ਅਤੇ ਨਾਲੋ-ਨਾਲ ਇਸ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ। ਉਨ੍ਹਾਂ ਪੁਲਿਸ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਨਸ਼ਿਆਂ ਤੋਂ ਪੀੜ੍ਹਤ ਵਿਅਕਤੀਆਂ ਪ੍ਰਤੀ ਸੰਵੇਦਨਸ਼ੀਲ ਵਤੀਰਾ ਅਪਣਾਉਂਦੇ ਹੋਏ ਇਨ੍ਹਾਂ ਨੂੰ ਸਜ਼ਾ ਦੇ ਕੇ ਜੇਲ੍ਹ ਭੇਜਣ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਵੀ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਮੌਕਾ ਦਿੱਤਾ ਜਾਵੇ।
ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਨਸ਼ੀਲੀਆਂ ਦਵਾਈਆਂ ਦੀਆਂ ਵਿਕਰੀ ਕਰਨ ਵਾਲੇ ਕੈਮਿਸਟਾਂ ਉਤੇ ਸਖਤੀ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਇਨ੍ਹਾਂ ਦੀ ਨਿਰੰਤਰ ਚੈਕਿੰਗ ਕਰੇ ਅਤੇ ਜੇਕਰ ਕੋਈ ਕੈਮਿਸਟ ਨਸ਼ੇ ਵੇਚਦਾ ਫੜਿਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਇਕ ਐਪ ਬਣਾ ਕੇ ਸਾਰਿਆਂ ਨੂੰ ਇਕ ਮੰਚ ਉਤੇ ਲਿਆਵੇ ਤਾਂ ਜੋ ਆਨਲਾਈਨ ਸਟਾਕ ਚੈਕ ਕੀਤਾ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਸਿਹਤ ਤੇ ਪੁਲਿਸ ਵਿਭਾਗ ਨੂੰ ਇਕੱਲੇ-ਇਕੱਲੇ ਕੇਸ ਦੀ ਤੈਅ ਤੱਕ ਜਾ ਕੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਇਸ ਸਬੰਧੀ ਉਨ੍ਹਾਂ ਜ਼ਿਲਾ ਪੱਧਰ ਉਤੇ ਹਰ ਮਹੀਨੇ ਮੀਟਿੰਗਾਂ ਕਰਕੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਤੇ ਸਿਵਲ ਸਰਜਨਾਂ ਨੂੰ ਸਮੀਖਿਆ ਕਰਨ ਲਈ ਕਿਹਾ। ਸੂਬਾ ਪੱਧਰ ਉਤੇ ਹਰ ਤਿਮਾਹੀ ਮੀਟਿੰਗ ਕਰਕੇ ਸਮੀਖਿਆ ਕੀਤੀ ਜਾਵੇਗੀ।ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਓਵਰ ਡੋਜ਼ ਤੋਂ ਪੀੜਤ ਮਰੀਜ਼ਾਂ ਦੀ ਜਾਨ ਬਚਾਉਣ ਲਈ ਕਿਹੜੀਆਂ ਦਵਾਈਆਂ ਕਾਰਗਾਰ ਹੋ ਸਕਦੀਆਂ ਹਨ, ਉਨ੍ਹਾਂ ਦੀ ਸੂਚੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾ ਕੇ ਫੈਸਲਾ ਲਿਆ ਜਾਵੇ। ਉਨ੍ਹਾਂ ਡਾਇਰੈਕਟਰ ਫੋਰੈਂਸਿਕ ਸਾਇੰਸ ਲੈਬਾਟਰੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਨਸ਼ੇ ਦੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਈ ਜਾ ਸਕੇ।
ਮੁੱਖ ਸਕੱਤਰ ਨੇ ਪੁਲਿਸ, ਸਿਹਤ ਵਿਭਾਗ ਦੇ ਨਾਲ ਸਕੂਲ ਸਿੱਖਿਆ, ਖੇਡਾਂ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਨੂੰ ਨਸ਼ਾ ਮੁਕਤ ਅਭਿਆਨ ਦੀਆਂ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ। ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾਵੇ।
ਮੀਟਿੰਗ ਵਿੱਚ ਨਾਰਕੋਟਿਕਸ ਬਿਊਰੋ ਚੰਡੀਗੜ੍ਹ ਦੇ ਜ਼ੋਨਲ ਡਾਇਰੈਕਟਰ ਅਮਨਜੀਤ ਸਿੰਘ, ਵਿੱਤ ਕਮਿਸ਼ਨਰ ਜੰਗਲਾਤ ਤੇ ਜੰਗਲੀ ਜੀਵ ਵਿਕਾਸ ਗਰਗ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ, ਸਪੈਸ਼ਲ ਡੀ.ਜੀ.ਪੀ. ਐਸ.ਟੀ.ਐਫ. ਕੁਲਦੀਪ ਸਿੰਘ, ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਡਾਇਰੈਕਟਰ ਅਨਿਤਾ ਪੁੰਜ, ਏ.ਡੀ.ਜੀ.ਪੀ. ਐਸ.ਟੀ.ਐਫ. ਆਰ.ਕੇ.ਜੈਸਵਾਲ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿੰਮੀ ਭੁੱਲਰ ਤੋਂ ਇਲਾਵਾ ਬੀ.ਐਸ.ਐਫ. ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।——–