ਮਾਨਸਾ, 16 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਕੋਰਨਾ ਵਾਇਰਸ ਤੋਂ ਬਚਾਅ ਲਈ ਅਤੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਬਹਾਲ ਰੱਖਣ ਲਈ ਦਿਨ-ਰਾਤ ਡਿਊਟੀ ਨਿਭਾਅ ਰਹੀ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਜ਼ਿਲੇ ਅੰਦਰ ਫਲੈਗ ਮਾਰਚ, ਰੋਡ ਮਾਰਚ ਅਤੇ ਅਸਰਦਾਰ ਢੰਗ ਨਾਲ ਗਸ਼ਤਾਂ ਤੇ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀਆਂ ਦੀ ਵਰਤੋਂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਸ ਜੌਖਮ ਭਰੀ ਡਿਊਟੀ ਨੂੰ ਹੋਰ ਸੁਖਾਲਾ ਬਨਾਉਣ ਅਤੇ ਨਾਕਾ ਪੁਆਇੰਟਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਧੁੱਪ ਤੇ ਮੀਂਹ-ਹਨੇਰੀ ਤੋਂ ਬਚਾਉਣ ਅਤੇ ਉਹਨਾਂ ਨੂੰ ਨਾਕਾ-ਪੁਆਇੰਟ ‘ਤੇ ਹੀ ਪੀਣ ਵਾਲੇ ਪਾਣੀ ਦੀ ਸੁਵਿਧਾ ਦੇਣ ਲਈ ਮਾਨਸਾ ਪੁਲਿਸ ਵੱਲੋਂ ਪਹਿਲਕਦਮੀ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਨਾਕਾ-ਪੁਆਇੰਟਾਂ ‘ਤੇ ਟੈਂਟ ਲਗਵਾਏ ਗਏ ਹਨ, ਜਿਸ ਵਿੱਚ ਪੀਣ ਵਾਲੇ ਸਾਫ-ਸੁਥਰੇ ਪਾਣੀ ਅਤੇ ਬਿਜਲੀ ਪੱਖੇ ਦਾ ਪ੍ਰਬੰਧ ਕੀਤਾ ਗਿਆ ਹੈ।
ਡਾ. ਭਾਰਗਵ ਨੇ ਦੱਸਿਆ ਕਿ ਪੁਲਿਸ ਫੋਰਸ ਨੂੰ ਮਾਸਕ, ਸਾਬਣ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਹੱਥ ਸਾਬਣ ਨਾਲ ਧੋਣ, ਸੈਨੀਟਾਈਜ਼ਰ ਦੀ ਵਰਤੋਂ ਕਰਨ, ਮਾਸਕ ਪਹਿਨਣ ਅਤੇ ਨਿਰਧਾਰਿਤ ਦੂਰੀ ਬਣਾਏ ਰੱਖ ਕੇ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕਰਮਚਾਰੀਆਂ ਦਾ ਸਮੇਂ-ਸਮੇਂ ‘ਤੇ ਮੈਡੀਕਲ ਚੈਕਅੱਪ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਾਕਾ-ਪੁਆਇੰਟਾਂ ‘ਤੇ ਪਹੁੰਚ ਕੇ ਉਨ੍ਹਾਂ ਨੂੰ ਡਿਊਟੀ ਸਬੰਧੀ ਸੰਖੇਪ ਵਿੱਚ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆ ਸਮੱਸਿਆਵਾਂ ਸੁਣ ਕੇ ਬਣਦਾ ਯੋਗ ਹੱਲ ਕੀਤਾ ਜਾ ਰਿਹਾ ਹੈ, ਤਾਂ ਜੋ ਪੁਲਿਸ ਕਰਮਚਾਰੀਆਂ ਦੀ ਸਿਹਤ ਠੀਕ ਰਹੇ ਅਤੇ ਗਰਮੀ ਦੇ ਸੀਜਨ ਦੌਰਾਨ ਡਿਊਟੀ ਪ੍ਰਤੀ ਕੋਈ ਮੁਸ਼ਕਲ ਪੇਸ਼ ਨਾ ਆਵੇ।